ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ
ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਸਕੱਤਰ ਡਾ. ਇੰਦੂ ਮਲਹੋਤਰਾ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਨੇ ਸੇਵਾ ਕੇਂਦਰ ਦਾ ਦੌਰਾ ਕੀਤਾ। ਡਾ. ਮਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਸੁਧਾਰਾਂ ਵਿੱਚ ਇਨਕਲਾਬੀ ਕਦਮ ਪੁੱਟਦਿਆਂ ਸੇਵਾ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ 425 ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਸੇਵਾ ਕੇਂਦਰ ਵਿਚ ਕੰਮਾਂ ਲਈ ਆਏ ਵਿਅਕਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਜੋ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹ ਤੈਅ ਸਮੇਂ ਅੰਦਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਐੱਸਡੀਐੱਮ ਹਰਪ੍ਰੀਤ ਸਿੰਘ ਅਟਵਾਲ, ਤਹਿਸੀਲਦਾਰ ਬਾਦਲਦੀਨ, ਕੁਲਜੀਤ ਸਿੰਘ ਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ।