ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 14 ਅਗਸਤ
ਆਜ਼ਾਦੀ ਦਿਹਾੜੇ ਸਬੰਧੀ ਸਮਾਗਮਾਂ ਦੇ ਮੱਦੇਨਜ਼ਰ ਉਪ ਕਪਤਾਨ ਪੁਲੀਸ ਜੰਗਜੀਤ ਸਿੰਘ ਰੰਧਾਵਾ ਅਤੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਮੁਹੰਮਦ ਜਮੀਲ ਦੀ ਅਗਵਾਈ ਹੇਠ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਥਾਣਾ ਮੰਡੀ ਗੋਬਿੰਦਗੜ੍ਹ ਵਿੱਚ ਸਮਾਪਤ ਹੋਇਆ। ਮਾਰਚ ਵਿੱਚ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਸ੍ਰੀ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਇਹ ਫਲੈਗ ਮਾਰਚ ਕੱਢਿਆ ਗਿਆ ਅਤੇ ਮਾੜੇ ਅਨਸਰਾਂ ’ਤੇ ਕਾਬੂ ਪਾਉਣ ਲਈ ਵਾਹਨਾਂ ਦੀ ਵਿਸ਼ੇਸ ਚੈਕਿੰਗ ਵੀ ਕੀਤੀ ਗਈ।
ਲਾਲੜੂ (ਪੱਤਰ ਪ੍ਰੇਰਕ): ਲੋਕ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਤਹਿਤ ਅੱਜ ਨਾਹਰ ਪੁਲੀਸ ਚੌਕੀ ਲੈਹਲੀ ਦੇ ਇੰਚਾਰਜ ਰਣਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲੀਸ ਅਤੇ ਅਸਲਾ ਡਿਪੂ ਦੱਪਰ ਦੇ ਭਾਰਤੀ ਫੌਜ ਦੀ ਟੁਕੜੀ ਨਾਲ ਇਲਾਕੇ ਦੇ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਪਿੰਡ ਲੈਹਲੀ, ਹਸਨਪੁਰ, ਭਗਵਾਸੀ, ਆਗਾਂਪੁਰ, ਦੱਪਰ, ਚਾਂਦਹੇੜੀ, ਬੈਰਮਾਜਰਾ, ਘੋਲੂਮਾਜਰਾ ਤੋਂ ਹੁੰਦਾ ਹੋਇਆ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਰਾਹੀਂ ਪੁਲੀਸ ਚੌਕੀ ਵਿੱਚ ਪੁੱਜਾ। ਇਸ ਦੌਰਾਨ ਲੋਕਾਂ ਨੂੰ ਪੁਲੀਸ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।
ਅਮਲੋਹ (ਪੱਤਰ ਪ੍ਰੇਰਕ): ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਉਪ ਕਪਤਾਨ ਪੁਲੀਸ ਜੰਗਜੀਤ ਸਿੰਘ ਰੰਧਾਵਾ ਅਤੇ ਥਾਣਾ ਅਮਲੋਹ ਦੇ ਮੁਖੀ ਵਿਨੋਦ ਕੁਮਾਰ ਦੀ ਅਗਵਾਈ ਹੇਠ ਅਮਲੋਹ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ।
ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਨਾਕਿਆਂ ਦੀ ਜਾਂਚ
ਰੂਪਨਗਰ (ਪੱਤਰ ਪ੍ਰੇਰਕ): 75ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਰੂਪਨਗਰ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਘਨੌਲੀ ਬੈਰੀਅਰ ਨੇੜੇ ਐੱਸ.ਐੱਚ.ਓ. ਰੋਹਿਤ ਸ਼ਰਮਾ ਅਤੇ ਚੌਕੀ ਇੰਚਾਰਜ ਗੁਰਮੁੱਖ ਸਿੰਘ ਦੀ ਅਗਵਾਈ ਵਿੱਚ ਕੀਤੀ ਨਾਕੇਬੰਦੀ ਦੀ ਜਾਂਚ ਕਰਦਿਆਂ ਐਸ.ਐਸ.ਪੀ. ਰੂਪਨਗਰ ਡਾ. ਸੰਦੀਪ ਗਰਗ ਨੇ ਉਕਤ ਦਾਅਵਾ ਕਰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀ ਪੁਲੀਸ ਵੱਲੋਂ ਜਿੱਥੇ ਵੱਖ ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵੀ ਚੌਕਸੀ ਰੱਖੀ ਜਾ ਰਹੀ ਹੈ।