ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 27 ਅਕਤੂਬਰ
ਵਿਜੀਲੈਂਸ ਬਿਊਰੋ ਪੰਜਾਬ ਨੇ ਫਰੀਦਕੋਟ ਜ਼ਿਲ੍ਹੇ ਦੇ ਤਿੰਨ ਕਾਂਗਰਸੀ ਆਗੂਆਂ ਖਿਲਾਫ਼ ਪੜਤਾਲ ਸ਼ੁਰੂ ਕੀਤੀ ਹੈ। ਸੂਚਨਾ ਅਨੁਸਾਰ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਸਬੰਧੀ ਹੋਏ ਟੈਂਡਰਾਂ ਵਿੱਚ 10 ਕਰੋੜ ਤੋਂ ਵੱਧ ਦਾ ਘੁਟਾਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਪਿਛਲੇ ਚਾਰ ਸਾਲਾਂ ਦੌਰਾਨ ਅਨਾਜ ਦੀ ਢੋਆ-ਢੁਆਈ ਸਬੰਧੀ ਹੋਏ ਟੈਂਡਰਾਂ ਦੀ ਪੜਤਾਲ ਕਰ ਰਹੀ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਹੈ ਕਿ ਟੈਂਡਰਾਂ ਦੌਰਾਨ ਵੱਡੇ ਪੱਧਰ ’ਤੇ ਸਿਆਸੀ ਦਖਲ ਅੰਦਾਜ਼ੀ ਹੋਈ ਹੈ ਅਤੇ ਨਿਯਮਾਂ ਅਨੁਸਾਰ ਟੈਂਡਰਾਂ ਦੀ ਅਲਾਟਮੈਂਟ ਨਹੀਂ ਕੀਤੀ ਗਈ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਜਾਂਚ ਦੇ ਘੇਰੇ ਵਿੱਚ ਆਏ ਕਾਂਗਰਸੀ ਆਗੂਆਂ ਨੂੰ ਆਮ ਆਦਮੀ ਪਾਰਟੀ ਦਾ ਇੱਕ ਵੱਡਾ ਲੀਡਰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇਸ ਆਗੂ ਦੀ ਭੂਮਿਕਾ ਦੀ ਵੀ ਵਿਜੀਲੈਂਸ ਪੜਤਾਲ ਹੋਵੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਿੱਚ ਉੱਚ ਅਹੁਦੇ ’ਤੇ ਤਾਇਨਾਤ ਆਪ ਆਗੂ ਦੀ ਵੀ ਕਾਂਗਰਸੀਆਂ ਨਾਲ ਸਾਂਝ ਹੈ ਜਿਸ ਕਰਕੇ ਵਿਜੀਲੈਂਸ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਬੰਟੀ ਰੋਮਾਣਾ ਨੇ ਮੰਗ ਕੀਤੀ ਕਿ ਘੁਟਾਲੇ ਕਰਨ ਵਾਲਿਆਂ ਨੂੰ ਸਰਕਾਰ ਸਖ਼ਤੀ ਨਾਲ ਨਜਿੱਠੇ ਅਤੇ ਪੂਰਾ ਸੱਚ ਬਿਨਾਂ ਦੇਰੀ ਸਾਹਮਣੇ ਲਿਆਂਦਾ ਜਾਵੇ।