ਨਵੀਂ ਦਿੱਲੀ, 19 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਖ਼ਿਲਾਫ਼ ਜੰਗ ’ਚ ਵੈਕਸੀਨ ਨੂੰ ਵੱਡਾ ਹਥਿਆਰ ਕਰਾਰ ਦਿੰਦਿਆਂ ਡਾਕਟਰਾਂ ਨੂੰ ਬੇਨਤੀ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਮਰੀਜ਼ਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ। ਦੇਸ਼ ਦੇ ਉੱਘੇ ਡਾਕਟਰਾਂ ਨਾਲ ਮਹਾਮਾਰੀ ਦੇ ਹਾਲਾਤ ਅਤੇ ਵੈਕਸੀਨੇਸ਼ਨ ਦੀ ਪ੍ਰਗਤੀ ਬਾਰੇ ਵਰਚੁਅਲੀ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਕਿਹਾ ਕਿ ਕੋਵਿਡ-19 ਇਸ ਵਾਰ ਟੀਅਰ-2 ਅਤੇ ਟੀਅਰ-3 ਸ਼ਹਿਰਾਂ ’ਚ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ। ਕੋਵਿਡ ਦੇ ਇਲਾਜ ਅਤੇ ਰੋਕਥਾਮ ਬਾਰੇ ਫੈਲ ਰਹੀਆਂ ਅਫ਼ਵਾਹਾਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਡਾਕਟਰਾਂ ਨੂੰ ਬੇਨਤੀ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਇਹ ਅਹਿਮ ਹੈ ਕਿ ਉਹ ਘਬਰਾਉਣ ਨਾ। ਉਨ੍ਹਾਂ ਕਿਹਾ ਕਿ ਹਸਪਤਾਲਾਂ ’ਚ ਦਾਖ਼ਲ ਮਰੀਜ਼ਾਂ ਦੀ ਕਾਊਂਸਲਿੰਗ ਦੇ ਨਾਲ ਨਾਲ ਢੁੱਕਵੇਂ ਇਲਾਜ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਮੀਟਿੰਗ ’ਚ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ, ਸਿਹਤ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ, ਰਸਾਇਣ ਅਤੇ ਖਾਦਾਂ ਬਾਰੇ ਮੰਤਰੀ ਡੀ ਵੀ ਸਦਾਨੰਦ ਗੌੜਾ, ਰਾਜ ਮੰਤਰੀ ਮਨਸੁਖ ਮਾਂਡਵੀਆ, ਨੀਤੀ ਆਯੋਗ ਦੇ ਮੈਂਬਰ ਵੀ ਕੇ ਪੌਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। -ਪੀਟੀਆਈ