ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਆਰੰਭੇ ਕਿਸਾਨ ਮੋਰਚਿਆਂ ਵਿੱਚ ਹੁਣ ਮਜ਼ਦੂਰਾਂ ਨੇ ਵੀ ਵੱਡੇ ਪੱਧਰ ’ਤੇ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਅੱਜ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਹਰਿਆਣਾ ਰਾਜ ਸੀਟੂ ਦੇ ਸੂਬਾ ਮੀਤ ਪ੍ਰਧਾਨ ਅਨੰਦ ਸ਼ਰਮਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਆਮ ਜਨਤਾ ’ਤੇ ਹਮਲੇ ਕਰ ਰਹੀ ਹੈ, ਜਿਥੇ ਖੇਤੀ ਵਿਰੋਧੀ ਕਾਲੇ ਕਾਨੂੰਨ ਪਾਸ ਕੀਤੇ ਹਨ, ਉਥੇ ਆਜ਼ਾਦੀ ਦੇ ਸਮੇਂ ਤੋਂ ਬਣੇਂ ਮਜ਼ਦੂਰ ਕਾਨੂੰਨਾਂ ਨੂੰ ਤੋੜ ਕੇ ਮਜ਼ਦੂਰ ਵਿਰੋਧੀ ਕਾਨੂੰਨ ਬਣਾ ਦਿੱਤੇ ਹਨ। ਕਿਸਾਨ ਮਜ਼ਦੂਰ ਵਿਰੋਧੀ ਕਾਨੂੰਨਾਂ ਖਿਲਾਫ 20 ਅਪਰੈਲ ਨੂੰ ਹਰਿਆਣਾ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਮੂਹਰੇ ਧਰਨੇ ਮਾਰੇ ਜਾ ਰਹੇ ਹਨ। ਇਸ ਤੋਂ ਇਲਾਵਾ 25 ਅਪਰੈਲ ਨੂੰ ਮਜ਼ਦੂਰ ਕਿਸਾਨ ਮੋਰਚਿਆਂ ਵਿੱਚ ਸ਼ਮੂਲੀਅਤ ਕਰਨਗੇ।