ਜਸਵੰਤ ਜੱਸ
ਫਰੀਦਕੋਟ, 17 ਮਾਰਚ
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦੁਰਪ੍ਰਬੰਧਾਂ ਅਤੇ ਲਾਪ੍ਰਵਾਹੀਆਂ ਦਾ ਮੁੱਦਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਦੀ ਹਾਜ਼ਰੀ ਵਿੱਚ ਉੱਠਣ ਮਗਰੋਂ ਪੰਜਾਬ ਸਰਕਾਰ ਨੇ ਮੈਡੀਕਲ ਤੇ ਯੂਨੀਵਰਸਿਟੀ ਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਅਤੇ ਕਾਰਨ ਲੱਭਣ ਲਈ ਅੱਠ ਮੈਂਬਰੀ ਕਮੇਟੀ ਕਾਇਮ ਕੀਤੀ ਹੈ, ਜੋ 20 ਦਿਨਾਂ ਵਿੱਚ ਆਪਣੇ ਸੁਝਾਅ ਅਤੇ ਤਜਵੀਜ਼ਾਂ ਪੰਜਾਬ ਸਰਕਾਰ ਨੂੰ ਭੇਜੇਗੀ।
ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਫ਼ਰੀਦਕੋਟ ਦੌਰੇ ’ਤੇ ਆਏ ਸਨ, ਜਿੱਥੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਆਗੂ ਗੁਰਪ੍ਰੀਤ ਸਿੰਘ ਚੰਦਬਾਜਾ, ਖੇਤ ਮਜ਼ਦੂਰ ਆਗੂ ਬੂਟਾ ਸਿੰਘ, ਕਿਸਾਨ ਆਗੂ ਲਾਲ ਸਿੰਘ ਗੋਲੇਵਾਲਾ, ਪੈਨਸ਼ਨਰ ਆਗੂ ਪ੍ਰੇਮ ਕੁਮਾਰ ਚਾਵਲਾ, ਮੁਲਾਜ਼ਮ ਆਗੂ ਸਿਮਰਨਜੀਤ ਸਿੰਘ ਬਰਾੜ ਅਤੇ ਜਤਿੰਦਰ ਕੁਮਾਰ ਨੇ ਮੰਤਰੀ ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਹਸਪਤਾਲ ਵਿੱਚ ਮਰੀਜ਼ਾਂ ਦੀ ਖੱਜਲ ਖੁਆਰੀ ਦਾ ਮਾਮਲਾ ਲਿਆਂਦਾ ਸੀ। ਆਗੂਆਂ ਨੇ ਡਾਕਟਰਾਂ ’ਤੇ ਲਾਪ੍ਰਵਾਹੀ ਵਰਤਣ ਦੇ ਦੋਸ਼ ਵੀ ਲਾਏ ਸਨ। ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ, ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੁਰਪ੍ਰੀਤ ਸਿੰਘ ਚੰਦਬਾਜਾ, ਮੈਡੀਕਲ ਸੁਪਰਡੈਂਟ ਦੀ ਅਗਵਾਈ ਹੇਠ ਅੱਠ ਮੈਂਬਰੀ ਕਮੇਟੀ ਗਠਿਤ ਕੀਤੀ ਹੈ, ਜੋ ਪੰਜਾਬ ਸਰਕਾਰ ਨੂੰ ਆਪਣੀ ਰਿਪੋਰਟ ਸੌਂਪੇਗੀ।