ਪੱਤਰ ਪ੍ਰੇਰਕ
ਖਰੜ, 25 ਨਵੰਬਰ
ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ‘ਗੁਰੂ ਨਾਨਕ ਚੇਅਰ’ ਦੀ ਸਥਾਪਨਾ ਕੀਤੀ ਗਈ, ਜਿੱਥੇ ਵਿਦਿਆਰਥੀਆਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ, ਉਪਦੇਸ਼ਾਂ ਅਤੇ ਵਿਚਾਰਧਾਰਾ ਤੋਂ ਵਧੇਰੇ ਜਾਣੂ ਕਰਵਾਉਣ ਬਾਬਤ ਖੋਜ ਕਾਰਜਾਂ ਲਈ ਪ੍ਰੋਸਾਹਿਤ ਕੀਤਾ ਜਾਵੇਗਾ। ਚੇਅਰ ਦੇ ਉਦਘਾਟਨੀ ਸਮਾਗਮ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰੰਘ ਚੰਨੀ, ਵਿਸ਼ਵ ਪ੍ਰਸਿੱਧ ਅਧਿਆਤਮ ਆਗੂ ਸ਼੍ਰੀ ਸ਼੍ਰੀ ਰਵੀ ਸ਼ੰਕਰ, ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰੋ-ਚਾਂਸਲਰ ਡਾ. ਆਰਐੱਸ ਬਾਵਾ, ਵਾਈਸ ਚਾਂਸਲਰ ਪ੍ਰੋ. ਬੀਐੱਸ ਸੋਹੀ ਉਚੇੇਚੇ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਬਾਬੇ ਨਾਨਕ ਦੀ ਵਿਚਾਰਧਾਰਾ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਸਮੁੱਚੇ ਸੂਬੇ ’ਚ ਵੱਡੀ ਗਿਣਤੀ ’ਚ ਧਾਰਮਿਕ ਸਮਾਗਮ ਉਲੀਕੇ ਗਏ ਹਨ। ਇਨ੍ਹਾਂ ਧਾਰਮਿਕ ਸਮਾਗਮਾਂ ਸਬੰਧੀ ਪੰਜਾਬ ਸਰਕਾਰ 30 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤੀ ਸਮਾਗਮ ਕਰਵਾਉਣ ਜਾ ਰਹੀ ਹੈ।