ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਨਵੰਬਰ
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਗੁਰਦੁਆਰਾ ਕਰਤਾਰਪੁਰ ਦੇ ਪ੍ਰਬੰਧ ਨੂੰ ਲੈ ਕੇ ਭਾਰਤ ਵਿੱਚ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਰਾਹੀਂ ਇੱਧਰ (ਭਾਰਤ) ਪੁੱਜੀ ਹੈ।
ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਅਮੀਰ ਸਿੰਘ ਨੇ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਰਕਾਰ ਵੱਲੋਂ ਆਪਣੇ ਹੱਥਾਂ ਵਿੱਚ ਲੈ ਲੈਣ ਦੀਆਂ ਖਬਰਾਂ ਗੁਮਰਾਹਕੁਨ ਹਨ। ਇਸ ਸਬੰਧੀ ਭਾਰਤ ਵਿੱਚ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦਾ ਅੰਦਰੂਨੀ ਪ੍ਰਬੰਧ ਜਿਸ ਵਿੱਚ ਗੁਰਦੁਆਰੇ ਦੀ ਮਰਿਆਦਾ ਤੇ ਹੋਰ ਸ਼ਾਮਲ ਹਨ, ਗੁਰਦੁਆਰਾ ਕਮੇਟੀ ਕਰ ਰਹੀ ਹੈ। ਗੁਰਦੁਆਰਿਆਂ ਦੀ ਸੁਰੱਖਿਆ ਤੇ ਹੋਰ ਬਾਹਰੀ ਪ੍ਰਬੰਧ ਪਹਿਲਾਂ ਵੀ ਸਰਕਾਰ ਵਲੋਂ ਹੀ ਕੀਤੇ ਜਾਂਦੇ ਸਨ ਅਤੇ ਹੁਣ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ।
ਪਾਕਿ ਸਰਕਾਰ ਪ੍ਰਬੰਧ ਆਪਣੇ ਹੱਥ ਲੈਣ ਦਾ ਫ਼ੈਸਲਾ ਵਾਪਸ ਲਵੇ: ਲੌਂਗੋਵਾਲ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਨੂੰ ਗੁਰਦੁਆਰਾ ਕਰਤਾਰਪੁਰ ਦਾ ਪ੍ਰਬੰਧ ਗ਼ੈਰ ਸਿੱਖ ਸੰਗਠਨ ਇਵੈਕੂਈ ਬੋਰਡ ਨੂੰ ਸੌਂਪਣ ਦਾ ਫ਼ੈਸਲਾ ਤੁਰੰਤ ਬਦਲਣਾ ਚਾਹੀਦਾ ਹੈ। ਕਿਉਂਕਿ ਇਸ ਫ਼ੈਸਲੇ ਨਾਲ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ’ਚ ਰੋਸ ਉਪਜਿਆ ਹੈ। ਇਹ ਰੋਸ ਸ਼ਾਂਤ ਕਰਨ ਲਈ ਪਾਕਿਸਤਾਨ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਅੱਜ ਸਥਾਨਕ ਪੁਤਲੀਘਰ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਬਣਾਏ ਗਏ ਨਵੇਂ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਐੱਸਜੀਪੀਸੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ ਨੂੰ ਆ ਰਿਹਾ ਹੈ। ਇਸ ਸਬੰਧੀ ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।