ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਦਸੰਬਰ
ਇੱਕ ਪਾਸੇ ਲੁਧਿਆਣਾ ਦੇ ਰੈਸਤਰਾਂ ਤੇ ਹੋਟਲਾਂ ਵਿੱਚ ਨਵੇਂ ਸਾਲ ਦੇ ਜਸ਼ਨ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਤਾਂ ਦੂਜੇ ਪਾਸੇ ਕਰੋਨਾ ਕੇਸਾਂ ਦਾ ਵੀ ਧਮਾਕਾ ਹੋਇਆ। ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਕਰੋਨਾ ਦੇ 18 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਜਿਥੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਉਥੇ ਹੀ ਲੋਕ ਬੇਖੌਫ਼ ਹੋ ਕੇ ਘੁੰਮ ਰਹੇ ਹਨ। ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਅੱਜ ਕਰੋਨਾ ਦੇ 18 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਤੋਂ ਬਾਅਦ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 87,808 ਹੋ ਗਈ ਹੈ, ਜਿਨਾਂ ਵਿੱਚੋਂ 85,611 ਮਰੀਜ਼ ਸਿਹਤਯਾਬ ਹੋ ਗਏ ਹਨ, ਮੌਜੂਦਾ ਸਮੇਂ ਵਿੱਚ ਸ਼ਹਿਰ ਵਿੱਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ ਵੀ 80 ਦੇ ਪਾਰ ਹੋ ਗਈ, ਜਿਨਾਂ ਵਿੱਚੋਂ ਦੋ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਹਨ ਤੇ 78 ਮਰੀਜ਼ ਘਰਾਂ ਵਿੱਚ ਇਕਾਂਤਵਾਸ ਹਨ। ਕਰੋਨਾ ਦੇ ਵਧਦੇ ਕੇਸਾਂ ਦੇ ਨਾਲ ਹੀ ਇਸ ਗੱਲ ਦੀ ਵੀ ਚਿੰਤਾ ਇਹ ਹੈ ਕਿ ਬੀਤੇ ਦਿਨ 2900 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚ 18 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸਦੇ ਨਾਲ ਹੀ ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 2117 ਹੋ ਗਈ ਹੈ।