ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਜਨਵਰੀ
ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਵੱਖ ਵੱਖ ਗੁਰੂਘਰਾਂ ਵਿੱਚ ਹੋਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਏ ਸਮਾਗਮ ਦੌਰਾਨ ਭਾਈ ਸਿਮਰਨਜੀਤ ਸਿੰਘ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਵਰਜਿੰਦਰ ਸਿੰਘ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਉਪਰ ਰੋਸ਼ਨੀ ਪਾਈ। ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ (ਢੋਲੇਵਾਲ) ਵਿੱੱਚ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਜਗਤ ਸਿੰਘ, ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਨੇ ਕੀਰਤਨ ਦੀ ਹਾਜ਼ਰੀ ਭਰੀ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਨਾਮ ਸਿਮਰਨ ਅਭਿਆਸ ਸਮਾਗਮ ਵਿੱਚ ਬੀਬੀ ਜਸਪ੍ਰੀਤ ਕੌਰ ਲਖਨਊ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਬਲਪ੍ਰੀਤ ਸਿੰਘ ਲੁਧਿਆਣਾ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਕਥਾ ਵਾਚਕ ਭਾਈ ਕੁਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ। ਰਾਗੀ ਜਥਿਆਂ ਨੂੰ ਰਣਦੀਪ ਸਿੰਘ ਡਿੰਪਲ ਅਤੇ ਕੰਵਲਪ੍ਰੀਤ ਸਿੰਘ ਨੇ ਸਨਮਾਨਿਤ ਕੀਤਾ।