ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਅਪਰੈਲ
ਇਸ ਵਾਰ 10 ਅਪਰੈਲ ਤੋਂ ਸ਼ੁਰੂ ਹੋਏ ਕਣਕ ਦੇ ਖਰੀਦ ਸੀਜ਼ਨ ਦੌਰਾਨ ਕੋਵਿਡ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸਾਵਧਾਨੀ ਵਰਤ ਰਿਹਾ ਹੈ। ਜਿਥੇ ਕਿਸਾਨਾਂ ਨੂੰ ਮੰਡੀਆਂ ’ਚ ਆਪਣੀ ਜਿਣਸ ਲਿਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ, ਉਥੇ ਹੀ ਕੋਵਿਡ-19 ਮਹਾਮਾਰੀ ਤੋਂ ਬਚਾਅ ਲਈ ਮੰਡੀਆਂ ’ਚ ਕੋਵਿਡ ਤੋਂ ਬਚਾਅ ਲਈ ਵੈਕਸੀਨ ਦੇ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ। ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਲਗਾਏ ਗਏ 21 ਕੈਂਪਾਂ ’ਚ 1230 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਇਨ੍ਹਾਂ ਟੀਕਾਕਰਨ ਕੈਂਪਾਂ ਦੀ ਖ਼ੁਦ ਨਿਗਰਾਨੀ ਰੱਖ ਰਹੇ ਹਨ ਜਦਕਿ ਸਿਵਲ ਸਰਜਨ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂ ਗੋਇਲ ਤੋਂ ਇਲਾਵਾ ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਤੇ ਡੀ.ਐਫ.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ ਵੱਲੋਂ ਵੀ ਇਨ੍ਹਾਂ ਟੀਕਾਕਰਨ ਕੈਂਪਾਂ ’ਚ ਖ਼ੁਦ ਜਾ ਕੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਤੋਂ ਇਲਾਵਾ ਮੰਡੀਕਰਨ ਅਮਲੇ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।