ਪਰਸ਼ੋਤਮ ਬੱਲੀ
ਬਰਨਾਲਾ, 17 ਅਪਰੈਲ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਸਬੰਧੀ ਸਥਾਨਕ ਰੇਲਵੇ ਸਟੇਸ਼ਨ ’ਤੇ ਡਟੇ ਕਿਸਾਨਾਂ ਨੇ ਕਿਹਾ ਕਿ ਕਰੋਨਾ ਦੇ ਬਹਾਨੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਦੀ ਹਕੂਮਤੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ, ਚਰਨਜੀਤ ਕੌਰ ਨੇ ਸੰਬੋਧਨ ਕੀਤਾ।
ਰਾਮਪੁਰਾ ਫੂਲ (ਗੁਰਵਿੰਦਰ ਸਿੰਘ): ਦਿੱਲੀ ਮੋਰਚੇ ਤੋਂ ਪਰਤੇ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਰੇਲਵੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੋਗਲੀ ਨੀਤੀ ’ਤੇ ਚੱਲ ਰਹੀ ਹੈ। ਕਰੋਨਾ ਦੇ ਬਹਾਨੇ ਸਰਕਾਰ ਕਿਸਾਨਾਂ ਨੂੰ ਖਦੇੜਨ ਦੇ ਮਨਸੂਬੇ ਘੜ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲ ਸਾਂਭ ਕੇ ਦਿੱਲੀ ਜਾਣ ਦਾ ਸੱਦਾ ਦਿੱਤਾ। ਮੋਰਚੇ ਨੂੰ ਭਾਕਿਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਬਾਵਾ, ਬਲਵਿੰਦਰ ਸਿੰਘ, ਮਨਜੀਤ ਕੌਰ ਨੇ ਸੰਬੋਧਨ ਕੀਤਾ।
ਬਰੇਟਾ (ਪੱਤਰ ਪ੍ਰੇਰਕ): ਸਾਂਝਾ ਕਿਸਾਨ ਮੋਰਚਾ ਵੱਲੋਂ ਇੱਥੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਬੁਲਾਰਿਆਂ ਨੇ ਮੰਡੀਆਂ ’ਚ ਬਾਰਦਾਨੇ ਦੀ ਘਾਟ ਦਾ ਮਾਮਲਾ ਚੁੱਕਿਆ। ਬੁਲਾਰਿਆਂ ਨੇ ਕਿਹਾ ਕਿ ਕਣਕ ਦੀ ਭਰਾਈ ਨਾ ਹੋਣ ਕਾਰਨ ਕਿਸਾਨ ਖੱਜਲ ਹੋ ਰਹੇ ਹਨ। ਸਰਕਾਰ ਤੁਰੰਤ ਕਣਕ ਦੀ ਭਰਾਈ ਦਾ ਪ੍ਰਬੰਧ ਕਰੇ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਕਿਸਾਨਾਂ ਵੱਲੋਂ ਬੈਸਟ ਪ੍ਰਾਈਸ ਮਾਲ ਤੇ ਬਲਾਕ ਰਾਮਪੁਰਾ ਵੱਲੋਂ ਲਹਿਰਾ ਬੇਗਾ ਟੌਲ ਪਲਾਜ਼ਾ ’ਤੇੇ ਖੇਤੀ ਕਨੂੰਨਾਂ ਖ਼ਿਲਾਫ਼ 199 ਦਿਨਾਂ ਤੋਂ ਚੱਲ ਰਹੇ ਮੋਰਚੇ ਅੱਜ ਵੀ ਜਾਰੀ ਰਹੇ। ਬਲਾਕ ਜਨਰਲ ਸਕੱਤਰ ਬਲਜੀਤ ਸਿੰਘ ਪੂਹਲਾ ਨੇ ਕਿਹਾ ਕਿ 21 ਅਪਰੈਲ ਨੂੰ ਕਾਫ਼ਲੇ ਦਿੱਲੀ ਵੱਲ ਕੂਚ ਕਰਨਗੇ।