ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਉਹ ਜਲਦੀ ਹੀ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਸੱਦ ਕੇ ਸੂਬਾ ਸਰਕਾਰ ਨਾਲ ਜੁੜੀਆਂ ਮੰਗਾਂ ਬਾਰੇ ਚਰਚਾ ਕਰਨਗੇ। ਪੱਤਰਕਾਰਾਂ ਨੇ ਜਦੋਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਕਿਸਾਨ ਆਗੂ ਅਜਿਹਾ ਕੋਈ ਸੱਦਾ ਨਾ ਮਿਲਣ ਦਾ ਦਾਅਵਾ ਕਰਦੇ ਹਨ ਤਾਂ ਉਨ੍ਹਾਂ ਕਿਹਾ, ‘ਅਸੀਂ ਉਨ੍ਹਾਂ ਨੂੰ ਸੱਦਾਂਗੇ।’ ਉਧਰ ਹਰਿਆਣਾ ਦੀਆਂ ਕਿਸਾਨ ਯੂਨੀਅਨਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨ ’ਤੇ ਦਰਜ ਕੇਸ ਵਾਪਸ ਲਵੇ। ਉਨ੍ਹਾਂ ਮੰਗ ਕੀਤੀ ਹੈ ਕਿ ਖੱਟਰ ਸਰਕਾਰ ਸੂਬੇ ਦੇ ਕਿਸਾਨਾਂ ਖਿਲਾਫ਼ ਕਿਸਾਨ ਅੰਦੋਲਨ ਲਈ ਕੀਤੇ ਪ੍ਰਦਰਸ਼ਨਾਂ ਦੌਰਾਨ ‘ਸੰਪਤੀ ਨੂੰ ਨੁਕਸਾਨ ਦਾ ਮੁਆਵਜ਼ਾ ਵਸੂਲਣ ਬਾਰੇ’ ਐਕਟ ਤਹਿਤ ਦਰਜ ਕੇਸਾਂ ਨੂੰ ਵਾਪਸ ਲਏ। ਯੂਨੀਅਨਾਂ ਨੇ ਸਰਕਾਰ ਤੋਂ ਭੂਮੀ ਗ੍ਰਹਿਣ, ਪੁਨਰਵਾਸ ਤੇ ਮੁੜ-ਵਸੇਬਾ ਐਕਟ 2013 ਵਿੱਚ ਸੋਧਾਂ ਰੱਦ ਕਰਨ ਦੀ ਮੰਗ ਵੀ ਕੀਤੀ ਹੈ।