ਗੁਰਿੰਦਰ ਸਿੰਘ
ਲੁਧਿਆਣਾ, 10 ਅਪਰੈਲ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਕੌਮਾਂਤਰੀ ਬਾਜ਼ਾਰ ਵਿੱਚ ਕਣਕ ਦੇ ਵਧੇ ਹੋਏ ਭਾਅ ਦਾ ਫਾਇਦਾ ਆਮ ਕਿਸਾਨਾਂ ਤੱਕ ਪਹੁੰਚਾਉਣ ਲਈ ਕੋਈ ਕਾਰਗਰ ਨੀਤੀ ਬਣਾਉਣ। ਅੱਜ ਯੂਨੀਅਨ ਦੇ ਮੁੱਖ ਦਫ਼ਤਰ ਲੁਧਿਆਣਾ ਵਿੱਚ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੀਤੇ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਲੱਖੋਵਾਲ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਕਾਰਨ ਬਣੇ ਤਾਜ਼ਾ ਹਾਲਾਤਾਂ ਅਨੁਸਾਰ ਸੰਸਾਰ ਭਰ ਵਿੱਚ ਅਨਾਜ ਅਤੇ ਤੇਲ ਬੀਜਾਂ ਸਮੇਤ ਖੁਰਾਕ ਦੀਆਂ ਲੋੜਾਂ ਨਾ ਪੂਰੀਆਂ ਹੋਣ ਕਾਰਨ ਅਨਾਜ ਦੇ ਰੇਟਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ ਅਤੇ ਭਾਰਤ ਦੇ ਅਨਾਜ ਦੀ ਮੰਗ ਵਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੂਜੇ ਦੇਸ਼ਾਂ ਨਾਲ ਸਿੱਧਾ ਸਮਝੌਤਾ ਕਰਕੇ ਪੰਜਾਬ ਦੀਆਂ ਖਰੀਦ ਏਜੰਸੀਆਂ ਰਾਹੀਂ ਕਣਕ, ਸਰ੍ਹੋਂ, ਖੰਡ ਸਮੇਤ ਅਨਾਜ ਦੂਜੇ ਦੇਸ਼ਾਂ ਨੂੰ ਭੇਜਣ ਨਹੀਂ ਤਾਂ ਵਪਾਰੀ ਵੱਧ ਭਾਅ ’ਤੇ ਵੇਚ ਕੇ ਚੋਖਾ ਮੁਨਾਫਾ ਕਮਾਉਣਗੇ। ਇਸ ਤੋਂ ਪਹਿਲਾਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਆਪਣੇ ਹਰੇ ਪੈਨ ਦੀ ਵਰਤੋਂ ਕਰਕੇ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ।
ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵੀ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸਘਾਤ ਵਿਰੁੱਧ ਫਿਰ ਤੋਂ ਸੰਘਰਸ਼ ਕਰਨ ਲਈ ਤਿਆਰ ਰਹਿਣ ਅਤੇ 11 ਤੋਂ 17 ਅਪਰੈਲ ਤੱਕ ਐੱਮਐੱਸਪੀ ਲਈ ਮੰਡੀਆਂ ਵਿੱਚ ਰੋਸ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਮੁਜ਼ਾਹਰਾ ਕਰਨ। ਮੀਟਿੰਗ ਵਿੱਚ ਰਾਮਕਰਨ ਸਿੰਘ ਰਾਮਾ, ਅਵਤਾਰ ਸਿੰਘ ਮੇਹਲੋਂ, ਪਰਮਿੰਦਰ ਸਿੰਘ ਪਾਲਮਾਜਰਾ, ਗੁਰਵਿੰਦਰ ਸਿੰਘ ਕੂੰਮ ਕਲਾਂ ਆਦਿ ਹਾਜ਼ਰ ਸਨ।