ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਜਨਵਰੀ
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦਾਂ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ, ਜੋ ਅੱਜ ਦੇਰ ਰਾਤ ਤੱਕ ਜਾਰੀ ਰਿਹਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸੰਦੇਸ਼ ਵਿਚ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸੇ ਸਬੰਧ ਵਿਚ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦਿੱਤੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 50 ਤੋਂ ਵੱਧ ਸਾਲ ਦਾ ਸਮਾਂ ਬਿਤਾਇਆ ਅਤੇ ਤਖਤ ਦੇ ਪਹਿਲੇ ਜਥੇਦਾਰ ਵੀ ਸਨ।
ਅਜਨਾਲਾ (ਪੱਤਰ ਪ੍ਰੇਰਕ): ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅਜਨਾਲਾ ਸ਼ਹਿਰ ਅੰਦਰ ਸਿੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਸਥਾਨਕ ਜੀਟੀ ਰੋਡ ਨੇੜੇ ਤਰਨ ਤਾਰਨ ਬਾਈਪਾਸ ਉੱਪਰ ਬਾਬਾ ਦੀਪ ਸਿੰਘ ਦੇ ਜਨਮ ਦਿਨ ਮੌਕੇ ਲੰਗਰ ਲਗਾਇਆ ਗਿਆ।
ਆਗਮਨ ਪੁਰਬ ’ਤੇ ਦੀਵਾਨ ਸਜਾਏ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸ਼ਹੀਦ ਬਾਬਾ ਦੀਪ ਸਿੰਘ ਦਾ ਆਗਮਨ ਪੁਰਬ ਇਥੇ ਵੱਖ-ਵੱਖ ਗੁਰੂਘਰਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਵਿਖੇ ਬਾਬਾ ਦੀਪ ਸਿੰਘ ਜੀ ਦੇ ਆਗਮਨ ਪੁਰਬ ’ਤੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਨਾਲ ਸਜਾਏ ਗਏ।