ਚਰਨਜੀਤ ਭੁੱਲਰ
ਚੰਡੀਗੜ੍ਹ, 10 ਅਗਸਤ
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ (ਚਮੜੀ ਰੋਗ) ਦੇ ਮਾਮਲੇ ਸਬੰਧੀ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਬਿਮਾਰੀ ਕਾਰਨ ਪੈਦਾ ਹੋਏ ਹਾਲਾਤ ਦੀ ਰੋਜ਼ਾਨਾ ਪ੍ਰਭਾਵੀ ਢੰਗ ਨਾਲ ਨਿਗਰਾਨੀ ਲਈ ਤਿੰਨ ਕੈਬਨਿਟ ਵਜ਼ੀਰਾਂ ’ਤੇ ਆਧਾਰਿਤ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ। ਭਗਵੰਤ ਮਾਨ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਆਧਾਰਿਤ ਕਮੇਟੀ ਨੂੰ ਪਸ਼ੂ ਪਾਲਨ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਮਾਹਿਰ ਅਤੇ ਅਧਿਕਾਰੀ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਮੰਤਰੀਆਂ ਦਾ ਸਮੂਹ ਰੋਜ਼ਾਨਾ ਸਥਿਤੀ ਦਾ ਜਾਇਜ਼ਾ ਲੈ ਕੇ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰੇਗਾ। ਮੁੱਖ ਮੰਤਰੀ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀ ਗਈ ਬਿਹਤਰ ਦਵਾਈ ਵਰਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਹਵਾਈ ਜਹਾਜ਼ ਰਾਹੀਂ ਹੋਰ ਦਵਾਈ ਮੰਗਵਾਈ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਸ਼ੂਆਂ ਦਾ ਦਾਖ਼ਲਾ ਰੋਕਣ ਲਈ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਤਰਨ ਤਾਰਨ ਜ਼ਿਲ੍ਹੇ ਇਸ ਬਿਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਨੇ ਪਸ਼ੂ ਮਾਲਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪਸ਼ੂਆਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਵਾਲੇ ਪਸ਼ੂਆਂ ਨੂੰ ਵੱਖ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਇਸ ਬਿਮਾਰੀ ’ਤੇ ਕਾਬੂ ਨਹੀਂ ਪਾਇਆ ਜਾਂਦਾ, ਸੂਬੇ ਵਿੱਚ ਕੋਈ ਵੀ ਪਸ਼ੂ ਮੇਲਾ ਕਰਵਾਉਣ ਉੱਤੇ ਮੁਕੰਮਲ ਪਾਬੰਦੀ ਰਹੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਵੀ ਹਾਜ਼ਰ ਸਨ।
ਮਰੇ ਹੋਏ ਪਸ਼ੂਆਂ ਨੂੰ ਚੁੱਕੇਗਾ ਪੰਚਾਇਤ ਵਿਭਾਗ
ਪੰਚਾਇਤ ਮਹਿਕਮਾ ਚਮੜੀ ਰੋਗ ਨਾਲ ਮਰੇ ਪਸ਼ੂਆਂ ਨੂੰ ਚੁੱਕੇਗਾ। ਮੁੱਖ ਮੰਤਰੀ ਦੀ ਮੀਟਿੰਗ ਵਿੱਚ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਸ਼ੂਆਂ ਦੇ ਇਲਾਜ ਲਈ ਦਵਾਈ ਖ਼ਰੀਦਣ ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਪੰਚਾਇਤ ਮਹਿਕਮੇ ਤਰਫ਼ੋਂ ਦੇਣ ਦੀ ਗੱਲ ਆਖੀ। ਮੁੱਖ ਮੰਤਰੀ ਨੇ ਮਰੇ ਪਸ਼ੂਆਂ ਨੂੰ ਹੱਡਾ ਰੋੜੀ ਵਿੱਚ ਟੋਏ ਪੁੱਟ ਕੇ ਦੱਬਣ ਦੀ ਜ਼ਿੰਮੇਵਾਰੀ ਵੀ ਪੰਚਾਇਤ ਮਹਿਕਮੇ ਨੂੰ ਦੇ ਦਿੱਤੀ ਹੈ। ਇਸ ਵਾਸਤੇ ਪ੍ਰਤੀ ਪਸ਼ੂ ਰਾਸ਼ੀ ਵੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰਾਂ ਵੱਲੋਂ ਹੋਰ ਥਾਵਾਂ ਦੀ ਸ਼ਨਾਖ਼ਤ ਵੀ ਕੀਤੀ ਜਾਵੇਗੀ।
ਵੀਸੀ ਨੂੰ ਵਿਦੇਸ਼ ਤੋਂ ਵਾਪਸ ਸੱਦਿਆ…
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਟਿੰਗ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਦੇ ਵਿਦੇਸ਼ ਦੌਰੇ ਕਾਰਨ ਕਾਫ਼ੀ ਖ਼ਫ਼ਾ ਜਾਪੇ। ਡਾ. ਇੰਦਰਜੀਤ ਸਿੰਘ ਉਦੋਂ ਵਿਦੇਸ਼ ਗਏ ਜਦੋਂ ਲੰਪੀ ਸਕਿਨ ਬਿਮਾਰੀ ਸ਼ੁਰੂ ਹੋ ਚੁੱਕੀ ਸੀ ਅਤੇ ਉਹ ਦੋ ਦਿਨਾਂ ਦੇ ਪ੍ਰੋਗਰਾਮ ਵਾਸਤੇ ਗਏ ਸਨ। ਮੁੱਖ ਮੰਤਰੀ ਨੇ ਤੁਰੰਤ ਵੀਸੀ ਨੂੰ ਵਿਦੇਸ਼ ਯਾਤਰਾ ਤੋਂ ਵਾਪਸ ਬੁਲਾਏ ਜਾਣ ਦੀ ਹਦਾਇਤ ਕੀਤੀ।