ਦਵਿੰਦਰ ਪਾਲ
ਚੰਡੀਗੜ੍ਹ, 11 ਜੁਲਾਈ
ਪੰਜਾਬ ਸਰਕਾਰ ਨੇ ਜਨਤਕ ਮਹੱਤਵ ਦੇ ਮੁੱਦਿਆਂ ਸਬੰਧੀ ਬਣਾਈ ਗਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਜ ਸਭਾ ਮੈਂਬਰ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਰਾਘਵ ਚੱਢਾ ਨੂੰ ਨਿਯੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ ਮੁੱਖ ਸਕੱਤਰ ਵੀ ਕੇ ਜੰਜੂਆ ਵੱਲੋਂ ਪਿਛਲੇ ਹਫ਼ਤੇ ਆਪਣਾ ਅਹੁਦਾ ਸੰਭਾਲਣ ਵਾਲੇ ਦਿਨ ਹੀ ਇਸ ਕਮੇਟੀ ਦੇ ਗਠਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਇਹ ਕਿਆਫ਼ੇ ਲਾਏ ਜਾ ਰਹੇ ਸਨ ਕਿ ਇਸ ਕਮੇਟੀ ਦਾ ਚੇਅਰਮੈਨ ਕੌਣ ਬਣੇਗਾ। ਇਸ ਨਿਯੁਕਤੀ ਤੋਂ ਬਾਅਦ ‘ਆਪ’ ਦਾ ਇਹ ਆਗੂ ਸਰਕਾਰ ਨੂੰ ਸਲਾਹ ਦੇਣ ਦੇ ਨਾਲ-ਨਾਲ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਵੀ ਸਮਰੱਥ ਹੋ ਜਾਵੇਗਾ। ਵਿਰੋਧੀ ਪਾਰਟੀਆਂ ਨੇ ਇਸ ਕਮੇਟੀ ਦੇ ਗਠਨ ਨੂੰ ਗ਼ੈਰ-ਵਿਧਾਨਕ ਕਰਾਰ ਦਿੰਦਿਆਂ ਇਸ ਦਾ ਵਿਰੋਧ ਕੀਤਾ ਸੀ। ਮਹੱਤਵਪੂਰਨ ਤੱਥ ਇਹ ਹੈ ਕਿ ਰਾਜ ਸਰਕਾਰ ਨੇ ਇਸ ਕਮੇਟੀ ਨੂੰ ਲਾਭ ਵਾਲੇ ਅਹੁਦਿਆਂ ਸਬੰਧੀ ਕਾਨੂੰਨ (ਆਫਿਸ ਆਫ਼ ਪ੍ਰੌਫਿਟ ਐਕਟ) ਦੇ ਦਾਇਰੇ ਹੇਠੋਂ ਕੱਢਣ ਲਈ ਨੋਟੀਫਿਕੇਸ਼ਨ ਵਿੱਚ ਇੱਕ ਤੋਂ ਵੱਧ ਵਾਰ ਅਸਥਾਈ ਕਮੇਟੀ (ਟੈਂਪਰੇਰੀ ਕਮੇਟੀ) ਦੇ ਗਠਨ ਹੋਣ ਦਾ ਜ਼ਿਕਰ ਕੀਤਾ ਹੈ। ਅਸਥਾਈ ਕਮੇਟੀਆਂ ਇਸ ਕਾਨੂੰਨ ਦੇ ਦਾਇਰੇ ਹੇਠ ਨਹੀਂ ਆਉਂਦੀਆਂ। ਜ਼ਿਕਰਯੋਗ ਹੈ ਕਿ ਅਪਰੈਲ ’ਚ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਇੱਕ ‘ਨਾਲੇਜ ਸ਼ੇਅਰ’ ਦਸਤਾਵੇਜ਼ ’ਤੇ ਹਸਤਾਖਰ ਕੀਤੇ ਸਨ।
ਪੰਜਾਬ ਸਰਕਾਰ ਨੇ ਸ੍ਰੀ ਚੱਢਾ ਦੀ ਨਿਯੁਕਤੀ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮਾਡਰਨ ਸਕੂਲ ਬਾਰਾਖੰਬਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਵਿਦਿਅਕ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ ਅਤੇ ਉਨ੍ਹਾਂ ਕੋਲ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ। ਸਰਕਾਰ ਮੁਤਾਬਕ ‘ਆਪ’ ਨਾਲ ਸਬੰਧਤ ਇਸ ਨੌਜਵਾਨ ਸਿਆਸੀ ਆਗੂ ਨੇ ਦਿੱਲੀ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ ਹੈ। ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਸਰਕਾਰ ਤੋਂ ਸਿਰਫ਼ ਇਕ ਰੁਪਏ ਤਨਖ਼ਾਹ ਲੈਣ ਵਾਲੇ ਰਾਘਵ ਚੱਢਾ ਨੇ ਉਥੇ ਮਾਲੀਆ ਚੋਰੀ ਰੋਕਣ ਅਤੇ ਭ੍ਰਿਸ਼ਟਾਚਾਰ ਨੂੰ ਘਟਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਸੀ। ਸਰਕਾਰ ਨੇ ਰਾਘਵ ਚੱਢਾ ਦਾ ਪੰਜਾਬ ਨਾਲ ਸਬੰਧ ਉਜਾਗਰ ਕਰਦਿਆਂ ਕਿਹਾ ਹੈ ਕਿ ਜਲੰਧਰ ਨਾਲ ਸਬੰਧਤ ਰਾਘਵ ਚੱਢਾ ਦਾ ਪਰਿਵਾਰ ਕੁੱਝ ਦਹਾਕੇ ਪਹਿਲਾਂ ਕੰਮ ਦੇ ਬਿਹਤਰ ਮੌਕਿਆਂ ਦੀ ਭਾਲ ਵਿੱਚ ਦਿੱਲੀ ਚਲਾ ਗਿਆ ਸੀ ਪਰ ਰਾਘਵ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਅਤੇ ਦਿੱਲੀ ਦੀ ਪੰਜਾਬੀ ਅਕਾਦਮੀ ਨੂੰ ਪੈਰਾਂ ਸਿਰ ਕਰਨ ’ਚ ਅਹਿਮ ਭੂਮਿਕਾ ਨਿਭਾਈ ਸੀ। ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ ਨਵੀਂ ਭੂਮਿਕਾ ਵਿੱਚ ਰਾਘਵ ਚੱਢਾ ਦੇ ਮੋਢਿਆਂ ਉਤੇ ਪੰਜਾਬ ਵਿੱਚ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਲਾਗੂ ਕਰਨ ਤੇ ਘੜਨ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਵਿੱਤ ਨਾਲ ਸਬੰਧਤ ਮੁੱਦਿਆਂ ਉਤੇ ਸਰਕਾਰ ਨੂੰ ਸਲਾਹ ਦੇਣਗੇ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਦੀ ਵਿੱਤੀ ਸੂਝ-ਬੂਝ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਕਰਜ਼ ਦੇ ਜਾਲ ਵਿੱਚੋਂ ਕੱਢਣ ਲਈ ਵਰਦਾਨ ਸਾਬਿਤ ਹੋ ਸਕਦੀ ਹੈ।
‘ਆਪ’ ਵਿਧਾਇਕ ਅੰਦਰੋਂ ਔਖੇ
ਪੰਜਾਬ ਸਰਕਾਰ ਵਿੱਚ ਦਿੱਲੀ ਦੇ ਆਗੂਆਂ ਦੀ ਵੱਧ ਰਹੀ ਦਖ਼ਲਅੰਦਾਜ਼ੀ ਤੋਂ ‘ਆਪ’ ਦੇ ਵਿਧਾਇਕ ਵੀ ਅੰਦਰੋਂ ਕਾਫੀ ਔਖ ਵਿੱਚ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਬਕੇ ਦੇ ਡਰੋਂ ਕੋਈ ਵਿਧਾਇਕ ਮੂੰਹ ਨਹੀਂ ਖੋਲ੍ਹ ਰਿਹਾ ਹੈ, ਪਰ ਫ਼ੀਲਡ ਵਿੱਚ ‘ਆਪ’ ਵਿਧਾਇਕਾਂ ਨੂੰ ਲੋਕਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦੀ ਘੇਰਾਬੰਦੀ ਹੋ ਰਹੀ ਹੈ।
ਨਿਯੁਕਤੀ ’ਤੇ ਵਿਰੋਧੀ ਧਿਰ ਨੇ ਚੁੱਕੇ ਸਵਾਲ
ਚੰਡੀਗੜ੍ਹ (ਟਨਸ): ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਵੱਲੋਂ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਨਿਯੁਕਤੀ ਕਰਨ ’ਤੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨਾ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਬਰਾਬਰ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇੰਜ ਲੱਗਦਾ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਨੂੰ ਠੇਕੇ ’ਤੇ ਦੇ ਦਿੱਤਾ ਹੈ। ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਟਵੀਟ ਕਰਕੇ ‘ਆਪ’ ਸਰਕਾਰ ’ਤੇ ਤਨਜ਼ ਕੱਸਦਿਆਂ ਰਾਘਵ ਚੱਢਾ ਨੂੰ ਪੰਜਾਬ ਦਾ ਸੂਬੇਦਾਰ ਕਿਹਾ ਹੈ। ਉਨ੍ਹਾਂ ਕਿਹਾ, ‘ਪੱਗ ਪੀਲੀ, ਗੱਲਾਂ ਭਗਤ ਸਿੰਘ ਦੀਆਂ, ਚਾਕਰੀ ਦਿੱਲੀ ਦੀ।’ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਘਵ ਚੱਢਾ ਦੀ ਨਿਯੁਕਤੀ ’ਤੇ ਕਿਹਾ ਕਿ ਜਿਵੇਂ 1846 ਵਿੱਚ ਬਰਤਾਨਵੀ ਸਾਮਰਾਜ ਨੇ ਸਿੱਖ ਰਾਜ ਨੂੰ ਬਾਹਰੋਂ ਕੰਟਰੋਲ ਕਰਨ ਵਾਸਤੇ ਬ੍ਰਿਟਿਸ ਰੈਜ਼ੀਡੈਂਟ ਸਰ ਹੈਨਰੀ ਲਾਰੈਂਸ ਨੂੰ ਤਾਇਨਾਤ ਕੀਤਾ ਸੀ, ਉਸੇ ਤਰ੍ਹਾਂ ਰਾਘਵ ਚੱਢਾ ਦਿੱਲੀ ਦਰਬਾਰ ਦੀ ਪ੍ਰਤੀਨਿਧਤਾ ਕਰੇਗਾ।