ਪੱਤਰ ਪੇ੍ਰਕ
ਮਾਛੀਵਾੜਾ, 8 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇੱਕ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਨੇ ਉਨ੍ਹਾਂ ਦੀ ਯੂਨੀਅਨ ਵਿਚ ਸ਼ਮੂਲੀਅਤ ਕੀਤੀ। ਸ੍ਰੀ ਕੋਟੜਾ ਨੇ ਕਿਹਾ ਕਿ ਸਰਕਾਰਾਂ ਰੋਜ਼ਾਨਾ ਲੋਕਾਂ ਦੇ ਹੱਕ ਖੋਹਣ ਲਈ ਸਾਜ਼ਿਸ਼ਾਂ ਘੜ ਰਹੀਆਂ ਹਨ ਇਸ ਲਈ ਆਪਣੇ ਹੱਕ ਲੈਣ ਲਈ ਲੋਕਾਂ ਦਾ ਜਥੇਬੰਦਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਤੇ ਫਸਲਾਂ ਵੀ ਨੁਕਸਾਨੀਆਂ ਗਈਆਂ ਪਰ ਸਰਕਾਰ ਨੇ ਮੁਆਵਜ਼ੇ ਦਾ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 17 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋ ਚੰਡੀਗੜ੍ਹ ’ਚ ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਮੋਰਚਾ ਲਗਾਇਆ ਜਾਵੇਗਾ।