ਗੁਰਿੰਦਰ ਸਿੰਘ
ਲੁਧਿਆਣਾ, 24 ਅਕਤੂਬਰ
ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੇ ਆਰਥਿਕ ਤੰਗੀ ਦੇ ਚੱਲਦਿਆਂ ਸੂਬੇ ਵਿੱਚ ਹੁਣ ਸਵੇਰੇ ਸੱਤ ਤੋਂ ਸ਼ਾਮ ਪੰਜ ਵਜੇ ਤੱਕ ਪੈਟਰੋਲ ਪੰਪ ਖੁੱਲ੍ਹੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇੱਥੋਂ ਦੇ ਸਤਲੁਜ ਕਲੱਬ ਵਿੱਚ ਅੱਜ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਪ ਮਾਲਕਾਂ ਨੇ ਫ਼ੈਸਲਾ ਕੀਤਾ ਕਿ ਪੰਜਾਬ ਭਰ ਵਿੱਚ 7 ਤੋਂ 21 ਨਵੰਬਰ ਤੱਕ ਪੈਟਰੋਲ ਪੰਪ ਬੰਦ ਕਰਨ ਦਾ ਸਮਾਂ ਸ਼ਾਮ ਪੰਜ ਵਜੇ ਤੱਕ ਰਹੇਗਾ। ਉਨ੍ਹਾਂ ਕਿਹਾ ਕਿ ਜੇ ਇਸ ਦੌਰਾਨ ਕੋਈ ਹੱਲ ਨਾ ਨਿਕਲਿਆ ਤਾਂ 22 ਨਵੰਬਰ ਨੂੰ ਪੰਜਾਬ ਭਰ ਵਿੱਚ ਇੱਕ ਦਿਨ ਦੀ ਹੜਤਾਲ ਕਰ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੂੰ ਲੰਮੇ ਸਮੇਂ ’ਤੇ ਆਰਥਿਕ ਤੰਗੀ ਨਾਲ ਜੂਝਣਾ ਪੈ ਰਿਹਾ ਹੈ। ਸਰਕਾਰ ਵੱਲੋਂ ਪੈਟਰੋਲ ਪੰਪ ਮਾਲਕਾਂ ਦੀ ਆਮਦਨ ਵਧਾਉਣ ਲਈ ਕੋਈ ਕਦਮ ਨਹੀਂ ਚੁੱਕੇ ਜਾ ਰਹੇ ਜਦਕਿ ਖ਼ਰਚੇ ਲਗਾਤਾਰ ਵਧ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਪੈਟਰੋਲ ਦੀ ਕੀਮਤ ਲਗਪਗ ਦੁੱਗਣੀ ਹੋ ਗਈ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕਮਿਸ਼ਨ ਵਿੱਚ ਧੇਲੇ ਦਾ ਵੀ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਤੇਲ ਕੀਮਤਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਪੰਪ ਮਾਲਕਾਂ ਨੂੰ ਰਾਹਤ ਦੇਣ ਲਈ ਕਮਿਸ਼ਨ ਵਿੱਚ ਵਾਧਾ ਕਰਨ ਦੀ ਮੰਗ ਕਰ ਚੁੱਕੇ ਹਨ, ਪਰ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਨਿਕਲ ਰਿਹਾ। ਇਸ ਕਾਰਨ ਉਨ੍ਹਾਂ ਨੂੰ ਉਕਤ ਫ਼ੈਸਲਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੈਟਰੋਲ ਪੰਪਾਂ ਦੇ ਖ਼ਰਚਿਆਂ ਵਿੱਚ ਜ਼ਰੂਰ ਕੁਝ ਗਿਰਾਵਟ ਆਵੇਗੀ। ਮੀਟਿੰਗ ਵਿੱਚ ਲੁਧਿਆਣਾ, ਜਲੰਧਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੋਪੜ, ਮੁਹਾਲੀ, ਹੁਸ਼ਿਆਰਪੁਰ, ਮਾਨਸਾ ਅਤੇ ਮੋਗਾ ਸਣੇ ਪੰਜਾਬ ਭਰ ਤੋਂ 50 ਦੇ ਕਰੀਬ ਪੈਟਰੋਲ ਪੰਪ ਮਾਲਕ ਸ਼ਾਮਲ ਹਨ। ਸੂਬਾ ਕਾਰਜਕਾਰਨੀ ਦੇ ਮੈਂਬਰ ਮਨਜੀਤ ਸਿੰਘ, ਅਸ਼ੋਕ ਸਚਦੇਵਾ, ਰਾਜੂ ਸ਼ਰਮਾ ਅਤੇ ਮੌਂਟੀ ਸਹਿਗਲ ਨੇ ਸਮੂਹ ਪੈਟਰੋਲ ਪੰਪ ਮਾਲਕਾਂ ਨੂੰ ਇਸ ਸੰਘਰਸ਼ ਵਿਚ ਇਕਜੁੱਟ ਹੋ ਕੇ ਸਾਥ ਦੇਣ ਦੀ ਅਪੀਲ ਕੀਤੀ ਹੈ।