ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਅਗਸਤ
ਇੱਥੋਂ ਦੇ ਬਲਜੀਤ ਨਗਰ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਦੇ ਪ੍ਰਬੰਧਕਾਂ ਨੇ ਆਪਣੇ ਇਲਾਕੇ ਦੇ ਪੰਜਾਬੀ ਵਿੱਚ ਅੱਵਲ ਆਏ ਵਿਦਿਆਰਥੀਆਂ ਨੂੰ ਗੁਰਮਤਿ ਸਮਾਗਮ ਦੌਰਾਨ ਸਨਮਾਨਿਤ ਕੀਤਾ। ਪੰਜਾਬੀ ਭਾਸ਼ਾ ਵਿੱਚ ਅੱਵਲ ਨੰਬਰ ਲੈਣ ਲਈ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਦੇਵਿਕਾ ਅਤੇ ਦਸਵੀਂ ਕਲਾਸ ਦੀ ਅਨਮੀਤ ਕੌਰ, ਕਮਲਦੀਪ ਸਿੰਘ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਲਵਜੀਤ ਸਿੰਘ, ਕੰਵਲਜੀਤ ਸਿੰਘ ਅਤੇ ਚਰਣਜੀਤ ਸਿੰਘ ਪ੍ਰਬਧਕਾਂ ਨੇ ਸਨਮਾਨਿਤ ਕੀਤਾ। ਇਸ ਮੌਕੇ ਵਿਰਾਸਤ ਸਿੱਖਇਜ਼ਮ ਟਰੱਸਟ ਦੇ ਚੇਅਰਮੈਨ ਰਜਿੰਦਰ ਸਿੰਘ ਨੇ ਵੀ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਅਤੇ ਆਪਣੇ ਸੰਬੋਧਨ ’ਚ ਕਿਹਾ ਦਿੱਲੀ ਵਿੱਚ ਪੰਜਾਬੀ ਭਾਸ਼ਾ ਨਾਲ ਜੁੜੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਲਾਸ਼ਣ ਲਈ ਵੀ ਟਰੱਸਟ ਯਤਨਸ਼ੀਲ ਹੈ। ਕਮਲਜੀਤ ਸਿੰਘ ਨੇ ਕਿਹਾ ਕਿ ਗੁਰਮੁਖੀ ਨਾਲ ਜੁੜ ਕੇ ਅਸੀਂ ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਨੂੰ ਘਰ ਘਰ ਤਕ ਪਹੁੰਚਾ ਸਕਦੇ ਹਾਂ। ਹੋਰਨਾਂ ਤੋਂ ਇਲਾਵਾ ਵਿਰਾਸਤ ਸਿੱਖਇਜ਼ਮ ਟਰੱਸਟ ਦੀ ਨੌਜਵਾਨ ਟੀਮ ਦੇ ਮੈਂਬਰ ਇਕਜੋਤ ਸਿੰਘ ਅਤੇ ਮਨਜੀਤ ਸਿੰਘ ਵੀ ਇਸ ਮੌਕੇ ਮੌਜੂਦ ਸਨ।