ਜਗਤਾਰ ਸਿੰਘ ਛਿੱਤ
ਜੈਂਤੀਪੁਰ, 29 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਸੰਘਰਸ਼ ਤਹਿਤ ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਕੱਥੂਨੰਗਲ ਵਿਚ ਕਿਸਾਨਾਂ ਦਾ ਧਰਨਾ ਅੱਜ 426ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਮੌਕੇ ਕਿਸਾਨ ਆਗੂ ਦਲਜੀਤ ਸਿੰਘ ਚਿਤੌੜਗੜ੍ਹ ਅਤੇ ਰਛਪਾਲ ਸਿੰਘ ਟਰਪਈ ਨੇ ਕਿਹਾ ਕਿ ਜਿੰਨੀ ਦੇਰ ਤੱਕ ਦਿੱਲੀ ਮੋਰਚੇ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਸੰਪੂਰਨ ਜਿੱਤ ਨਹੀਂ ਹੁੰਦੀ, ਓਨੀ ਦੇਰ ਤੱਕ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੀ ਵਿਸ਼ਵ ਵਪਾਰ ਸੰਸਥਾ ਦਾ ਬਾਈਕਾਟ ਕਰੇ। ਇਸ ਮੌਕੇ ਗੁਰਮੇਜ ਸਿੰਘ ਥਰੀਏਵਾਲ, ਮਾਸਟਰ ਨਿਰਮਲ ਸਿੰਘ ਸ਼ੇਖਪੁਰਾ, ਅਜੀਤ ਸਿੰਘ ਖੋਖਰ, ਸਤਨਾਮ ਸਿੰਘ ਸਾਰਚੂਰ, ਨਵਪ੍ਰੀਤ ਸਿੰਘ ਹਰਦਾਨ, ਬਲਵਿੰਦਰ ਸਿੰਘ, ਹਰਦੀਪ ਸਿੰਘ, ਕਸ਼ਮੀਰ ਸਿੰਘ ਚਿਤੌੜਗੜ੍ਹ, ਸਾਹਿਬ ਸਿੰਘ ਅਤੇ ਤਰਲੋਕ ਸਿੰਘ ਖੋਖਰ ਨੇ ਵੀ ਸੰਬੋਧਨ ਕੀਤਾ।
ਹੁਸ਼ਿਆਰਪੁਰ (ਹਰਪ੍ਰੀਤ ਸਿੰਘ): ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਪਾਰਲੀਮੈਂਟ ’ਚ ਪਾਸ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਕਾਨੂੰਨ ਬਣਨ ਦੀ ਆਸ ਬੱਝੀ ਹੈ। ਰਿਲਾਇੰਸ ਕਾਰਪੋਰੇਟ ਦਫ਼ਤਰ ਸਾਹਮਣੇ 383 ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਕੇ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਨਿਪਟਾਰਾ ਕਰੇ। ਕਾਮਰੇਡ ਗੁਰਮੇਸ਼ ਸਿੰਘ, ਕਮਲਜੀਤ ਸਿੰਘ, ਰਾਜਪੁਰ ਭਾਈਆਂ, ਕੁਲਤਾਰ ਸਿੰਘ, ਗੁਰਬਖਸ਼ ਸਿੰਘ ਸੂਸ, ਮਨਜੀਤ ਸਿੰਘ ਆਦਿ ਨੇ ਬਿੱਲ ਪਾਸ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਕੇਂਦਰੀ ਸਰਕਾਰ ਵੱਲੋਂ ਅੱਜ ਸੰਸਦ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਨੂੰ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਅੰਦੋਲਨ ਵਿਚ ਸ਼ਾਮਿਲ 750 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਸਮੇਤ ਹਰ ਵਰਗ ਦੇ ਲੋਕਾਂ ਦੀ ਮਿਸਾਲੀ ਜਿੱਤ ਦੱਸਿਆ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਵਿੱਤ ਸਕੱਤਰ ਮੇਜਰ ਸਿੰਘ ਬਾਜਵਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਸੁਖਪਾਲ ਸਿੰਘ ਰਾਈਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੇ ਮੁਖੀ ਮਨਜੀਤ ਸਿੰਘ ਮਲਸੀਆਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਲਾਕਾ ਸਕੱਤਰ ਸੁਖਜਿੰਦਰ ਲਾਲੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੇ ਜਿੱਤ ਪ੍ਰਾਪਤ ਕਰਕੇ ਦਰਸਾ ਦਿੱਤਾ ਕਿ ਸ਼ਾਂਤੀਪੂਰਵਕ, ਦ੍ਰਿੜ ਇਰਾਦੇ ਅਤੇ ਸਾਂਝੇ ਸੰਘਰਸ਼ਾਂ ਨਾਲ ਹੀ ਸਰਕਾਰਾਂ ਨੂੰ ਝੁਕਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਰਹਿੰਦੀਆਂ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ।
ਮਾਨਸਰ (ਮਨਪ੍ਰੀਤ ਸਿੰਘ): ਇੱਥੇ ਟੌਲ ਪਲਾਜ਼ਾ ਮਾਨਸਰ ’ਤੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਇਆ ਧਰਨਾ 415ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਐੱਮਐੱਸਪੀ ਤੇ ਹੋਰ ਕਿਸਾਨੀ ਮੁੱਦਿਆਂ ਨੂੰ ਹੱਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਅੱਜ ਭਾਵੇਂ ਦੋਵਾਂ ਸਦਨਾਂ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਪਾਸ ਕਰ ਦਿੱਤਾ ਗਿਆ ਹੈ ਤੇ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਮਗਰੋਂ ਤਿੰਨੇ ਖੇਤੀ ਕਾਨੂੰਨ ਰੱਦ ਹੋ ਜਾਣਗੇ ਪਰ ਇਸ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਐੱਮਐੱਸਪੀ ਦਾ ਕਾਨੂੰਨ, ਬਿਜਲੀ ਸੋਧ ਬਿੱਲ-2020 ਤੇ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨ ਆਦਿ ਸਣੇ ਹੋਰ ਸਮੱਸਿਆਵਾਂ ਬਾਰੇ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਕੇ ਨਬਿੇੜਾ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਕਾਮਰੇਡ ਸ਼ੇਰ ਸਿੰਘ, ਜਨਕ ਸਿੰਘ, ਅਨੂਪ ਸਿੰਘ, ਹਰਬੰਸ ਸਿੰਘ, ਸਰਵਨ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।