ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਅਕਤੂਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ ਤੀਜੇ ਦਿਨ ਵੱਡੀ ਗਿਣਤੀ ਕਿਸਾਨ ਰੇਲ ਪਟੜੀ ’ਤੇ ਡਟੇ ਰਹੇ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਰੇਲਵੇ ਸਟੇਸ਼ਨ ਤੋਂ ਕਾਰਪੋਰੇਟ ਘਰਾਣਿਆਂ ਦੇ ਸ਼ਾਪਿੰਗ ਮਾਲ ‘ਮੋਰ’ ਤੇ ‘ਈਜ਼ੀ-ਡੇਅ’ ਤੱਕ ਰੋਸ ਮਾਰਚ ਕੀਤਾ ਗਿਆ। ਕਿਸਾਨਾਂ ਨੇ ਦੋਵੇਂ ਸ਼ਾਪਿੰਗ ਮੌਲ ਬੰਦ ਕਰਵਾਏ ਤੇ ਈਜ਼ੀ ਡੇਅ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਇਸ ਮੌਕੇ ਕਿਸਾਨਾਂ ਨੇ ‘ਕਾਰਪੋਰੇਟ ਗੋ ਬੈਕ’ ਦੇ ਨਾਅਰੇ ਲਾਏ। ਇਸ ਤੋਂ ਇਲਾਵਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਰੋਸ ਧਰਨਾ ਵੀ ਧੂਰੀ ਰੋਡ ਸਥਿਤ ਰੇਲਵੇ ਪੁਲ ਹੇਠਾਂ ਤੀਜੇ ਦਿਨ ਵੀ ਜਾਰੀ ਰਿਹਾ ਅਤੇ ਬੁਲਾਰਿਆਂ ਨੇ ਮੋਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਰੇਲਵੇ ਸਟੇਸ਼ਨ ਨੇੜੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਨੇ ਆਖਿਆ ਕਿ ਦੇਸ਼ ਭਰ ਵਿਚ ਮੋਦੀ ਸਰਕਾਰ ਦਾ ਕਿਸਾਨ ਤੇ ਆਮ ਲੋਕਾਂ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹ ਲੜਾਈ ਇਕੱਲੇ ਪੰਜਾਬ ਦੇ ਕਿਸਾਨਾਂ ਦੀ ਨਹੀਂ ਬਲਕਿ ਪੰਜਾਬ ਦੇ ਹਰੇਕ ਵਰਗ ਦੀ ਹੈ। ਇਸ ਲਈ ਸਮੁੱਚਾ ਪੰਜਾਬ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਡਟ ਕੇ ਲੜੇਗਾ। ਇਸ ਮੌਕੇ ਯੂਥ ਵਿੰਗ ਦੇ ਆਗੂ ਜਸਦੀਪ ਸਿੰਘ ਬਹਾਦਪੁਰ ਹਾਜ਼ਰ ਸਨ।