ਲਾਜਵੰਤ ਸਿੰਘ
ਨਵਾਂ ਸ਼ਹਿਰ, 7 ਅਪਰੈਲ
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ’ਚ ਵਿੱਦਿਅਕ ਗੁਣਵੱਤਾ ਨੂੰ ਵਧਾ ਕੇ, ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਜਾਣਕਾਰੀ ਮੁਤਾਬਕ ਪਿੰਡ ਸਲੋਹ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਅਤੇ ਪ੍ਰਾਇਮਰੀ ਸਮਾਰਟ ਸਕੂਲ ਦਾ ਨਿਰੀਖਣ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ, ਪੰਜਾਬ ਸਰਕਾਰ ਦਾ ਸਭ ਤੋਂ ਵੱਧ ਤਰਜੀਹੀ ਖੇਤਰ ਹੈ ਅਤੇ ਇਸ ਨੇ ਪਹਿਲਾਂ ਹੀ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਭਰਤੀ ਵਾਲੇ ਪਾਸੇ ਕਦਮ ਵਧਾ ਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਵਿਭਾਗ ਅਧਿਆਪਕਾਂ ਲਈ ਆਨਲਾਈਨ ਤਬਾਦਲਾ ਨੀਤੀ ਜਾਰੀ ਰੱਖੇਗਾ ਅਤੇ ਸੂਬੇ ਵਿੱਚ ਖਾਲੀ ਅਸਾਮੀਆਂ ਨੂੰ ਭਰ ਕੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਜਲਦੀ ਹੀ ਨਵੇਂ ਅਧਿਆਪਕਾਂ ਦੀ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਮਿਡ-ਡੇਅ-ਮੀਲ ਦੀ ਗੁਣਵੱਤਾ ਵੀ ਖਾਣੇ ਦਾ ਸੁਆਦ ਚੱਖ ਕੇ ਜਾਂਚੀ ਅਤੇ ਸਮਾਰਟ ਕਲਾਸ ਰੂਮਾਂ ਦਾ ਵੀ ਜਾਇਜ਼ਾ ਲਿਆ।
ਬਾਅਦ ਵਿੱਚ ਸਿੱਖਿਆ ਮੰਤਰੀ ਨੇ ਦੋਵਾਂ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ ਲਈ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਮੰਗੀ। ਇਸ ਮੌਕੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਤੇ ਲਲਿਤ ਮੋਹਨ ਪਾਠਕ ਹਾਜ਼ਰ ਸਨ।