ਦਵਿੰਦਰ ਪਾਲ
ਚੰਡੀਗੜ੍ਹ, 24 ਜਨਵਰੀ
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਅੱਜ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਚੋਣਾਂ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ, ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ-ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਮੇਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠਲੀ ਨਵੀਂ ਸਿਆਸੀ ਧਿਰ ਸੰਯੁਕਤ ਕਿਸਾਨ ਮੋਰਚਾ ਅਤੇ ਖੱਬੀਆਂ ਪਾਰਟੀਆਂ ਵੱਲੋਂ ਉਮੀਦਵਾਰ ਉਤਾਰੇ ਗਏ ਹਨ। ਕਾਂਗਰਸ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਅਤੇ ਅੰਤਿਮ ਸੂਚੀ ਕਿਸੇ ਸਮੇਂ ਵੀ ਜਾਰੀ ਕੀਤੀ ਜਾ ਸਕਦੀ ਹੈ ਤੇ ਖੱਬੀਆਂ ਪਾਰਟੀਆਂ ਨੇ ਵੀ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ।
ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ 25 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਤਰੀਕ 1 ਫਰਵਰੀ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ 4 ਫਰਵਰੀ ਤੱਕ ਵਾਪਸ ਲਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ 3 ਵਜੇ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਡਾ. ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਚੋਣ ਲੜਨ ਦਾ ਇਛੁੱਕ ਉਮੀਦਵਾਰ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ 26 ਅਤੇ 30 ਜਨਵਰੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣਾਂ ਦੇ ਐਲਾਨ ਨਾਲ ਹੀ ਆਦਰਸ਼ ਚੋਣ ਜ਼ਾਬਤਾ 8 ਜਨਵਰੀ ਨੂੰ ਲਾਗੂ ਹੋ ਗਿਆ ਸੀ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ ਨੇ ਕਰੋਨਾ ਦੀ ਤੀਜੀ ਲਹਿਰ ਕਾਰਨ ਚੋਣ ਪ੍ਰਚਾਰ ਲਈ ਵੱਡੀਆਂ ਰੈਲੀਆਂ ਕਰਨ ’ਤੇ ਅਤੇ ਹੋਰ ਕਈ ਪਾਬੰਦੀਆਂ ਲਾਈਆਂ ਹੋਈਆਂ ਹਨ। ਰਾਜਸੀ ਪਾਰਟੀਆਂ ਸੋਸ਼ਲ ਮੀਡੀਆ ਰਾਹੀਂ ਹੀ ਚੋਣ ਪ੍ਰਚਾਰ ਕਰ ਰਹੀਆਂ ਹਨ।
ਸੂਬੇ ਵਿੱਚ 24,740 ਪੋਲਿੰਗ ਬੂਥ ਸਥਾਪਤ
ਪੰਜਾਬ ਵਿੱਚ 21275066 ਵੋਟਰਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ ਜਾਵੇਗੀ। ਕੁੱਲ ਵੋਟਰਾਂ ਵਿੱਚ 11187857 ਪੁਰਸ਼, 10086514 ਮਹਿਲਾ, 695 ਵੋਟਰ ਤੀਜੇ ਲਿੰਗ, 144667 ਪੀ.ਡਬਲਿਯੂ.ਡੀ ਵੋਟਰ ਅਤੇ 110163 ਸਰਵਿਸ ਵੋਟਰ, 1601 ਪਰਵਾਸੀ ਵੋਟਰ ਅਤੇ 513229 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ। ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 14751 ਪੋਲਿੰਗ ਥਾਵਾਂ ਉੱਤੇ 24740 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਪੰਜਾਬ ਵਿੱਚ ਵੋਟਾਂ ਵਾਲੇ ਦਿਨ ਸਾਰੇ ਬੂਥਾਂ ਤੋਂ ਵੈੱਬ-ਕਾਸਟਿੰਗ ਕੀਤੀ ਜਾਵੇਗੀ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਤੱਕ ਪੈਣਗੀਆਂ।