ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 6 ਮਈ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਬਜਟ ਲਈ ਅੱਜ ਇਥੇ ਸਨਅਤਕਾਰਾਂ ਦੇ ਸੁਝਾਅ ਲਏ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਬਜਟ ਲਈ ਲੋਕਾਂ ਦੇ ਸੁਝਾਅ ਮੰਗੇ ਜਾ ਰਹੇ ਹਨ, ਅਜਿਹਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਠੋਸ ਕਦਮ ਨਹੀਂ ਚੁੱਕੇ। ਇਸ ਕਾਰਨ ਉਦਯੋਗਿਕ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਜਟ ਲਈ ਸੁਝਾਅ ਦਿੱਤੇ ਜਾਣ ਤਾਂ ਜੋ ਪੰਜਾਬ ਅੰਦਰ ਲੋਕਾਂ ਦੀ ਪਸੰਦ ਦਾ ਬਜਟ ਬਣਾਇਆ ਜਾ ਸਕੇ।
ਇਸ ਮੌਕੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਬਜਟ ਦੀ ਸ਼ੁਰੂਆਤ ਮੰਡੀ ਗੋਬਿੰਦਗੜ੍ਹ ਤੋਂ ਕਰਨ ਨਾਲ ਉਦਯੋਗਿਕ ਹੱਬ ਦੇ ਸਰਵਪੱਖੀ ਵਿਕਾਸ ਲਈ ਰਾਹ ਖੁੱਲ੍ਹਣਗੇ। ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਸੁਝਾਅ ਲੈਣ ਦਾ ਫੈਸਲਾ ਪੰਜਾਬ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਸਨਅਤਕਾਰਾਂ ਨੇ ਬਜਟ ਲਈ ਆਪਣੇ ਸੁਝਾਅ ਦਿੱਤੇ।
ਇਸ ਮੌਕੇ ਡਿਪਟੀ ਸਕੱਤਰ (ਵਿੱਤ) ਉਦੈਦੀਪ ਸਿੰਘ ਸਿੱਧੂ, ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੀਤਾ ਦਰਸ਼ੀ, ਐੱਸ.ਪੀ (ਡੀ) ਰਾਜਪਾਲ ਸਿੰਘ, ਐੱਸ.ਡੀ.ਐੱਮ (ਅਮਲੋਹ) ਜੀਵਨਜੋਤ ਕੌਰ, ਸੀਨੀਅਰ ਆਗੂ ਓਂਕਾਰ ਸਿੰਘ ਚੌਹਾਨ, ਰਾਹੁਲ ਸੋਫ਼ਤ, ਤੇ ਜਗਦੀਸ਼ ਸਿੰਘ ਆਦਿ ਹਾਜ਼ਰ ਸਨ।
ਨਵੀਂ ਮਾਈਨਿੰਗ ਨੀਤੀ ਜਲਦੀ ਆਏਗੀ ਸਾਹਮਣੇ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੀਂ ਮਾਈਨਿੰਗ ਨੀਤੀ ਵੀ ਜਲਦ ਸਾਹਮਣੇ ਆਵੇਗੀ ਅਤੇ ਰੇਤ ਮਾਫੀਏ ਦਾ ਸਿਆਸੀ ਲੋਕਾਂ ਨਾਲ ਗੱਠਜੋੜ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਝਾਰਖੰਡ ਵਿਚ ਬੰਦ ਪਈ ਪੰਜਾਬ ਦੀ ਪਛਵਾੜਾ ਕੋਲਾ ਖਾਣ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਬਿਜਲੀ ਦੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਬਸੀ ਪਠਾਣਾ ਦੇ ਫੋਕਲ ਪੁਆਇੰਟ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾ ਕੇ ਉਦਯੋਗਾਂ ਦੀ ਸਥਾਪਨਾ ਕੀਤੀ ਜਾਵੇਗੀ।