ਆਤਿਸ਼ ਗੁਪਤਾ
ਚੰਡੀਗੜ੍ਹ, 2 ਨਵੰਬਰ
ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹਆਂ ਨੂੰ ਦੀਵਾਲੀ ਅਤੇ ਤਿਉਹਾਰਾਂ ਦੌਰਾਨ ਘੱਟ ਪਟਾਕੇ ਚਲਾਉਣ ਦੀ ਅਪੀਲ ਕੀਤੀ ਹੈ। ਇਸ ਬਾਰੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਵਿਭਾਗ ਨੂੰ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਸ੍ਰੀ ਬਦਨੌਰ ਨੇ ਕਿਹਾ ਕਿ ਚੰਡੀਗੜ੍ਹ ਨੂੰ ਕਰੋਨਾਵਾਇਰਸ ਤੋਂ ਮੁਕਤ ਕਰਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਸਾਰਿਆਂ ਨੂੰ ਪਟਾਕੇ ਘੱਟ ਚਲਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਸ਼ਹਿਰ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਨਾ ਸਕੇ। ਪ੍ਰਸ਼ਾਸਕ ਨੇ ਚੰਡੀਗੜ੍ਹ ਵਾਸੀਆਂ ਨੂੰ ਕਰੋਨਾਵਾਇਰਸ ਕਰਕੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਲੋੜ ਅਨੁਸਾਰ ਹੀ ਘਰੋਂ ਬਾਹਰ ਕੱਢਿਆ ਜਾਵੇ।
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਨੇ ਡੀਜੀਪੀ ਚੰਡੀਗੜ੍ਹ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤਿਉਹਾਰਾਂ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਜੇਕਰ ਕੋਈ ਵਿਅਕਤੀ ਸਮਾਜਿਕ ਦੁਰੀ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਬਦਨੌਰ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾਵੇ।
ਸ਼ਹਿਰ ਵਿਚਲੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾ ਸ਼ੁਰੂ ਕਰਨ ਦੇ ਨਾਲ ਹੀ ਮਰੀਜ਼ਾਂ ਦੀ ਭੀੜ ਵਧਣ ਦੇ ਮੱਦੇਨਜ਼ਰ ਪ੍ਰਸ਼ਾਸਕ ਨੇ ਪੀਜੀਆਈ, ਸੈਕਟਰ-32 ਅਤੇ 16 ਹਸਪਤਾਲ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਰੱਖਣ ਦੇ ਆਦੇਸ਼ ਦਿੱਤੇ। ਇਸ ਮੌਕੇ ਪ੍ਰਸ਼ਾਸਕ ਨੇ ਸਕੱਤਰ ਫੂਡ ਸਪਲਾਈ ਨੂੰ ਪਿਆਜ਼ ਦੀਆਂ ਵਧੀਆਂ ਕਿਮਤਾਂ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਆ।
ਪੀਜੀਆਈ ਦੇ ਡਾਇਰੈਕਟਰ ਡਾ. ਜਗਤ ਰਾਮ ਨੇ ਦੱਸਿਆ ਕਿ ਪੀਜੀਆਈ ਵਿੱਚ ਓਪੀਡੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੀਜੀਆਈ ਵੱਲੋਂ ਕਰੋਨਾ ਮਰੀਜ਼ਾ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕੋਲ ਕਰੋਨਾ ਮਰੀਜ਼ਾਂ ਦੇ ਇਲਾਜ ਲਈ 40 ਵੈਂਟੀਲੇਟਰ ਹਾਜ਼ਿਰ ਹਨ ਜੋ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਸਨ। ਇਸ ਤੋਂ ਇਲਾਵਾ ਹੋਰ ਲੋੜੀਂਦਾ ਦਵਾਈਆ ਅਤੇ ਹੋਰ ਪ੍ਰਬੰਧ ਵੀ ਕੀਤੇ ਹੋਏ ਹਨ।