ਗੁਰਬਖਸ਼ਪੁਰੀ
ਤਰਨ ਤਾਰਨ, 7 ਅਗਸਤ
‘ਅੰਨਤੋਦਿਆ ਅੰਨ ਯੋਜਨਾ’ ਤਹਿਤ ਸਮਾਰਟ ਰਾਸ਼ਨ ਕਾਰਡ ਨਾ ਬਣਾਏ ਜਾਣ ਤੋਂ ਨਾਰਾਜ਼ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਪ੍ਰਬੰਧਕੀ ਕੰਪਲੈਕਸ ਤੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫਤਰ ਤੱਕ ਰੋਸ ਮਾਰਚ ਕੀਤਾ। ਜਿਵੇਂ ਹੀ ਉਨ੍ਹਾਂ ਨੂੰ ਦਫਤਰ ਅੰਦਰ ਦਾਖਲ ਹੋਣ ਤੋਂ ਰੋਕਣ ਲਈ ਗੇਟ ਬੰਦ ਕਰ ਦਿੱਤਾ ਤਾਂ ਉਨ੍ਹਾਂ ਦਫਤਰ ਦਾ ਘਿਰਾਓ ਸ਼ੁਰੂ ਕਰ ਦਿੱਤਾ|
ਜਥੇਬੰਦੀ ਦੇ ਸੂਬਾਈ ਪ੍ਰਧਾਨ ਲਖਬੀਰ ਸਿੰਘ ਸੈਣੀ ਦੀ ਅਗਵਾਈ ਵਿੱਚ ਸੈਂਕੜੇ ਦਿਵਿਆਂਗਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕੀਤੇ ਇਕੱਠ ਨੂੰ ਲਖਬੀਰ ਸਿੰਘ ਸੈਣੀ ਤੋਂ ਇਲਾਵਾ ਯੂਨੀਅਨ ਦੇ ਆਗੂ ਰਾਜਵੀਰ ਸਿੰਘ, ਕਮਲਜੀਤ ਸਿੰਘ, ਲਖਵੀਰ ਸਿੰਘ ਚੱਕ ਸਿਕੰਦਰ, ਸੋਨੂੰ ਨਾਰਲੀ, ਮਾਸਟਰ ਤਰਲੋਚਨ ਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਬੁਲਾਰਿਆਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ‘ਅੰਨਤੋਦਿਆ ਅੰਨ ਯੋਜਨਾ’ ਦੇ ਸਮਾਰਟ ਰਾਸ਼ਨ ਕਾਰਡ ਬਣਾਉਣ ਲਈ ਤੰਗ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਕਈ ਵਾਰ ਲਿਆ ਚੁੱਕੇ ਹਨ ਪਰ ਪ੍ਰਸ਼ਾਸਨ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ| ਦਿਵਿਆਂਗ ਜਿਵੇਂ ਹੀ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫਤਰ ਉਨ੍ਹਾਂ ਨੂੰ ਆਪਣੀ ਦਾਸਤਾਨ ਸੁਣਾਉਣ ਲਈ ਆਏ ਤਾਂ ਵਿਧਾਇਕ ਦੇ ਹਮਾਇਤੀਆਂ ਨੇ ਉਨ੍ਹਾਂ ਨੂੰ ਦਫਤਰ ਦੇ ਕੰਪਲੈਕਸ ਅੰਦਰ ਦਾਖਲ ਹੋਣ ਤੋਂ ਰੋਕਣ ਲਈ ਗੇਟ ਬੰਦ ਕਰ ਦਿੱਤਾ। ਇਸ ’ਤੇ ਉਨ੍ਹਾਂ ਗੇਟ ਦੇ ਸਾਹਮਣੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ| ਉਨ੍ਹਾਂ ਪੰਜਾਬ ਸਰਕਾਰ ਤੇ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦਿਵਿਆਂਗਾਂ ਨੂੰ ਸ਼ਾਂਤ ਕਰਨ ਲਈ ਵਿਧਾਇਕ ਨੇ ਉਨ੍ਹਾਂ ਨੂੰ ਆਪਣੇ ਦਫਤਰ ’ਚ ਬੁਲਾਇਆ ਅਤੇ ਉਨ੍ਹਾਂ ਦੇ ਮਸਲੇ ਨੂੰ ਹੱਲ ਕੀਤੇ ਜਾਣ ਦਾ ਵਿਸ਼ਵਾਸ ਦਿੱਤਾ ਜਿਸ ’ਤੇ ਧਰਨਾ ਚੁੱਕ ਲਿਆ| ਜਥੇਬੰਦੀ ਨੇ ਮੰਗ ਨਾ ਮੰਨੇ ਜਾਣ ’ਤੇ 15 ਅਗਸਤ ਨੂੰ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਮੌਕੇ ਕਾਲਾ ਦਿਨ ਦੇ ਤੌਰ ’ਤੇ ਮਨਾਉਣ ਦਾ ਐਲਾਨ ਕੀਤਾ ਹੋਇਆ ਸੀ|