ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 7 ਅਗਸਤ
ਦਮਦਮੀ ਟਕਸਾਲ ਨੇ ਆਪਣਾ 316ਵਾਂ ਸਥਾਪਨਾ ਦਿਵਸ ਅੱਜ ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਕਰਕੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਤਖ਼ਤਾਂ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਧਾਰਮਿਕ ਸ਼ਖਸੀਅਤਾਂ ਸ਼ਾਮਲ ਹੋਈਆਂ।
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ’ਤੇ ਦਮਦਮੀ ਟਕਸਾਲ ਸਿੱਖੀ ਪ੍ਰਚਾਰ ਤੇ ਪ੍ਰਸਾਰ ਵਿੱਚ ਬੇਮਿਸਾਲ ਯੋਗਦਾਨ ਪਾ ਰਿਹਾ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਦਮਦਮੀ ਟਕਸਾਲ ਨੂੰ ਗਿਆਨੀ, ਵਿਦਵਾਨ ਅਤੇ ਸ਼ਹੀਦ ਪੈਦਾ ਕਰਨ ਵਾਲੀ ਟਕਸਾਲ ਦੱਸਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ ਦੀ ਸਥਾਪਨਾ ਤੋਂ ਲੈ ਕੇ ਮੌਜੂਦਾ ਸਮੇਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਟਕਸਾਲ ਦੇ ਮੌਜੂਦਾ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਵਧਾਈ ਦਿੱਤੀ। ਟਕਸਾਲ ਮੁਖੀ ਹਰਨਾਮ ਸਿੰਘ ਨੇ ਟਕਸਾਲ ਦੇ ਇਤਿਹਾਸ ਅਤੇ ਮੌਜੂਦਾ ਸਮੇਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਪੰਥ ਦੇ ਹੱਕਾਂ ਅਤੇ ਹਿੱਤਾਂ ਦੀ ਪਹਿਰੇਦਾਰੀ ਲਈ ਵਚਨਬੱਧ ਹੈ।