ਦਵਿੰਦਰ ਪਾਲ
ਚੰਡੀਗੜ੍ਹ, 8 ਮਈ
ਮੁੱਖ ਅੰਸ਼
- ਮਾਲਵੇ ’ਚ ਰੋਸ ਮੁਜ਼ਾਹਰਿਆਂ ਨੂੰ ਮਿਲਿਆ ਵੱਡਾ ਹੁੰਗਾਰਾ
- ਕਈ ਥਾਈਂ ਦੁਕਾਨਦਾਰਾਂ ਨੇ ਵੀ ਕੀਤੀ ਸ਼ਮੂਲੀਅਤ
-
ਕਿਸਾਨਾਂ ਨੇ ਸਰਕਾਰ ’ਤੇ ਲਾਏ ਸਿਹਤ ਢਾਂਚਾ ਫੇਲ੍ਹ ਕਰਕੇ ਲੋਕਾਂ ਦੀ ਜਾਨ ਖਤਰੇ ’ਚ ਪਾਉਣ ਦੇ ਦੋਸ਼
ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਨਾਂ ਹੇਠ ਲਾਈਆਂ ਪਾਬੰਦੀਆਂ ਖ਼ਿਲਾਫ਼ ਕੀਤੇ ਵਿਰੋਧ ਪ੍ਰਦਰਸ਼ਨਾਂ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਹੈ। ਕਿਸਾਨ-ਜਥੇਬੰਦੀਆਂ ਨੇ ਵਪਾਰੀਆਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਨਾਲ ਇਕਜੁੱਟਤਾ ਜ਼ਾਹਿਰ ਕਰਦਿਆਂ ਸ਼ਹਿਰਾਂ ਦੇ ਬਾਜ਼ਾਰਾਂ ਅਤੇ ਪਿੰਡਾਂ ’ਚ ਰੋਸ ਮਾਰਚ ਕੱਢੇ ਅਤੇ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ। ਵਿਰੋਧ ਪ੍ਰਦਰਸ਼ਨਾਂ ਨੂੰ ਮਾਲਵੇ ’ਚ ਵੱਡਾ ਹੁੰਗਾਰਾ ਮਿਲਿਆ।
ਮੋਗਾ, ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਫਰੀਦਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਤਰਨ ਤਾਰਨ ਜ਼ਿਲ੍ਹਿਆਂ ਸਮੇਤ ਪੰਜਾਬ ’ਚ 200 ਤੋਂ ਵੱਧ ਥਾਵਾਂ ’ਤੇ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਾਬੰਦੀਆਂ ਨਾਲ ਭੁੱਖੇ ਮਰਨ ਨਾਲੋਂ ਸੰਘਰਸ਼ ਕਰਦਿਆਂ ਮਰਨਾ ਕਿਤੇ ਚੰਗਾ ਹੈ। ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਦੇਣ ’ਚ ਨਾਕਾਮ ਰਹੀਆਂ ਹਨ ਜਦਕਿ ਕਰੋਨਾ ਦੇ ਵਧਦੇ ਕੇਸਾਂ ਦਾ ਠੀਕਰਾ ਆਮ ਲੋਕਾਂ ਸਿਰ ਮੜ੍ਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਸਿਹਤ ਸਹੂਲਤਾਂ ’ਚ ਕਿਹੋ ਜਿਹਾ ਵਾਧਾ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਉਹ ਜਬਰੀ ਠੋਸੀਆਂ ਜਾਣ ਵਾਲੀਆਂ ਪਾਬੰਦੀਆਂ ਖ਼ਿਲਾਫ਼ ਹਰ ਵਰਗ ਨਾਲ ਖੜ੍ਹੇ ਹਨ, ਪਰ ਜ਼ਰੂਰਤ ਹੈ ਕਿ ਸਾਰੇ ਵਰਗ ਆਪਣੀ ਭੂਮਿਕਾ ਦੀ ਪਛਾਣ ਕਰਨ। ਕਿਸਾਨ ਆਗੂਆਂ ਨੇ ਕਿਹਾ ਕਿ ਚਲਾਨ ਕੱਟ ਕੇ ਲੋਕਾਂ ਦੀਆਂ ਜੇਬਾਂ ਖਾਲੀ ਕਰਵਾਈਆਂ ਜਾ ਰਹੀਆਂ ਹਨ ਜਦਕਿ ਕੇਂਦਰ ਸਰਕਾਰ ਦੇ ਜੀਐੱਸਟੀ ਤੇ ਨੋਟਬੰਦੀ ਜਿਹੇ ਮਾਰੂ ਫੈਸਲਿਆਂ ਕਾਰਨ ਲੋਕ ਪਹਿਲਾਂ ਹੀ ਤੰਗੀਆਂ-ਤੁਰਸ਼ੀਆਂ ’ਚੋਂ ਲੰਘ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦੁਕਾਨਾਂ ਜਬਰੀ ਬੰਦ ਕਰਵਾ ਰਹੀ ਹੈ, ਜਿਸ ਕਾਰਨ ਪਹਿਲਾਂ ਹੀ ਇੱਕ ਸਾਲ ਦੇ ਘਾਟੇ ਦਾ ਸ਼ਿਕਾਰ ਦੁਕਾਨਦਾਰ ਮਰਨ ਕੰਢੇ ਖੜ੍ਹੇ ਹਨ। ਉਨ੍ਹਾਂ ਕੋਲ ਭੁੱਖੇ ਮਰਨ ਜਾਂ ਸੰਘਰਸ਼ ਕਰਨ ਤੋਂ ਬਿਨਾਂ ਕੋਈ ਚਾਰਾ ਨਹੀਂ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਲਈ ਲੌਕਡਾਊਨ ਲਗਾਇਆ ਹੈ ਤਾਂ ਜੋ ਕਰੋਨਾ ਤੋਂ ਡਰਦੇ ਲੋਕ ਘਰਾਂ ਅੰਦਰ ਕੈਦ ਹੋ ਜਾਣ ਅਤੇ ਦਿੱਲੀ ਦੇ ਬਾਰਡਰਾਂ ’ਤੇ ਲੱਗੇ ਮੋਰਚੇ ਖਾਲੀ ਹੋ ਜਾਣ। ਸਰਕਾਰ ਬਿਮਾਰੀ ਦੇ ਨਾਂ ’ਤੇ ਦਹਿਸ਼ਤ ਫੈਲਾਉਣ ਚਾਹੁੰਦੀ ਹੈ। ਇਸ ਕੰਮ ਵਿੱਚ ਕੈਪਟਨ ਸਰਕਾਰ, ਮੋਦੀ ਸਰਕਾਰ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੌਕਡਾਊਨ ਦਾ ਵਿਰੋਧ ਕਰਦੇ ਹੋਏ ਆਪਣੀਆਂ ਦੁਕਾਨਾਂ ਖੋਲ੍ਹਣ। ਕਿਸਾਨ ਜਥੇਬੰਦੀਆਂ ਉਨ੍ਹਾਂ ਦਾ ਸਾਥ ਦੇਣਗੀਆਂ। ਕਿਸਾਨ ਜਥੇਬੰਦੀਆਂ ਵੱਲੋਂ 10 ਅਤੇ 12 ਮਈ ਨੂੰ ਖਨੌਰੀ ਤੇ ਸ਼ੰਭੂ ਰਸਤਿਓਂ ਦਿੱਲੀ ਜਾਣ ਲਈ ਪਿੰਡਾਂ ’ਚ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਦੀ ਬੇਰੁਖੀ ਵੇਖਦਿਆਂ ਕਿਸਾਨਾਂ ‘ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਿਸਾਨ ਖੇਤੀ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 15 ਜ਼ਿਲ੍ਹਿਆਂ ਦੇ 87 ਸ਼ਹਿਰਾਂ, ਕਸਬਿਆਂ ’ਚ ਰੋਸ ਪ੍ਰਦਰਸ਼ਨ ਕੀਤੇ ਗਏ। ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਕੁਝ ਦੁਕਾਨਦਾਰਾਂ ਨੇ ਵੀ ਸ਼ਮੂਲੀਅਤ ਕੀਤੀ।
ਪੰਜਾਬ ਭਰ ’ਚ ਪੱਕੇ ਧਰਨੇ ਜਾਰੀ
ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ ਧਰਨੇ 219ਵੇਂ ਦਿਨ ਵੀ ਵੀ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਹੇ। ਪੰਜਾਬ ਭਰ ’ਚ ਟੌਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ’ਚ ਲਗਾਤਾਰ ਕੇਂਦਰ-ਸਰਕਾਰ ਖ਼ਿਲਾਫ਼ ਨਾਅਰੇ ਗੂੰਜ ਰਹੇ ਹਨ।