ਪੱਤਰ ਪ੍ਰੇਰਕ
ਅਮਲੋਹ, 5 ਮਈ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੀਡੀਆ ਨੂੰ ਦੱਸਿਆ ਕਿ ਕੱਲ੍ਹ ਦੁਪਹਿਰ ਵੇਲੇ ਹਲਕਾ ਅਮਲੋਹ ਅੰਦਰ ਹੋਈ ਭਾਰੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ ਕਿਉਂਕਿ ਇਸ ਹਲਕੇ ਵਿੱਚ ਵੱਡੇ ਪੱਧਰ ’ਤੇ ਕਿਸਾਨਾਂ ਵੱਲੋਂ ਮੱਕੀ ਤੇ ਸੂਰਜਮੁਖੀ ਦੀ ਕਾਸ਼ਤ ਕੀਤੀ ਹੋਈ ਸੀ ਜਿਹੜੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋ ਗਈ ਹੈ। ਇਸ ਤੋਂ ਪਹਿਲਾਂ ਆਲੂਆਂ ਦੀ ਫ਼ਸਲ ਵੀ ਇਸ ਹਲਕੇ ਵਿਚ ਬਰਸਾਤ ਦੀ ਭੇਟ ਚੜ੍ਹ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤੇ ਕਿਸਾਨੀ ਦਾ ਕੀਟਨਾਸ਼ਕ ਦੇ ਵਧੇ ਰੇਟਾਂ ਕਾਰਨ ਜਿੱਥੇ ਲੱਕ ਟੁੱਟ ਚੁੱਕਾ ਹੈ ਉੱਥੇ ਕੁਦਰਤੀ ਆਫ਼ਤਾਂ ਕਾਰਨ ਹਲਕਾ ਅਮਲੋਹ ਦੇ ਕਿਸਾਨਾਂ ਨੂੰ ਲਗਾਤਾਰ ਵੱਡੀਆਂ ਮਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਹਲਕਾ ਅਮਲੋਹ ’ਚ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੱਕੀ ਤੇ ਸੂਰਜਮੁਖੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਤੁਰੰਤ 25 ਹਜ਼ਾਰ ਰੁਪਏ ਏਕੜ ਦੇ ਹਿਸਾਬ ਨਾਲ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੋ ਛੇ ਮਹੀਨੇ ਪਹਿਲਾਂ ਬਰਸਾਤ ਕਾਰਨ ਆਲੂਆਂ ਦੀ ਫ਼ਸਲ ਦਾ ਹਲਕੇ ਵਿੱਚ ਵੱਡਾ ਨੁਕਸਾਨ ਹੋਇਆ ਸੀ। ਉਸ ਦਾ ਮੁਆਵਜ਼ਾ ਵੀ ਸਰਕਾਰ ਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਹਲਕਾ ਅਮਲੋਹ ਦੇ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨ ਕਣਕ ਦੇ ਘੱਟ ਝਾੜ ਕਾਰਨ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ ਉੱਥੇ ਖਾਦ ਕੀਮਤਾਂ ਵਿੱਚ ਵਾਧੇ ਨੇ ਵੀ ਕਿਸਾਨਾਂ ਉੱਪਰ ਵੱਡਾ ਬੋਝ ਪਾਇਆ ਹੈ।