ਸੁਭਾਸ਼ ਚੰਦਰ
ਸਮਾਣਾ, 2 ਜੂਨ
ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਪਾਰਟੀ ਵਰਕਰਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਬਾਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਸੰਬਧੀ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਪੱਸ਼ਟ ਬਹੁਮਤ ਨਾਲ ਸਰਕਾਰ ਬਣੇਗੀ। ਇਸ ਮੌਕੇ ਉਨ੍ਹਾਂ ਕਪੂਰ ਚੰਦ ਬਾਂਸਲ ਦੀ 10 ਸਾਲ ਦੀ ਨਗਰ ਕੌਂਸਲ ਸਮਾਣਾ ਦੀ ਪ੍ਰਧਾਨਗੀ ਸਮੇਂ ਜੋ ਵਿਕਾਸ ਸਮਾਣਾ ਸ਼ਹਿਰ ਦੇ ਹੋਏ ਹਨ, ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਨਗਰ ਕੌਂਸਲ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਕੀਤੀ ਗਈ ਧੱਕੇਸ਼ਾਹੀ ਦਾ ਸਰਕਾਰ ਬਣਨ ’ਤੇ ਹਿਸਾਬ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਅਸ਼ੋਕ ਨਾਭਾ, ਵਿਸ਼ਨੂੰ ਸ਼ਰਮਾ, ਪੀ.ਏ. ਜਗਜੀਤ ਸਿੰਘ ਸੋਨੀ ਵੀ ਮੌਜੂਦ ਸਨ।
ਪੀਏਸੀ ਮੈਂਬਰ ਬਣਨ ਮਗਰੋਂ ਲੌਟ ਵੱਲੋਂ ਚੰਦੂਮਾਜਰਾ ਨਾਲ ਮੁਲਾਕਾਤ
ਪਟਿਆਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਪੀਏਸੀ ਮੈਂਬਰ ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਪਟਿਆਲਾ ਜ਼ਿਲ੍ਹੇ ਦੇ ਸਿਆਸੀ ਮਾਮਲਿਆਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਪ੍ਰੋ. ਚੰਦੂਮਾਜਰਾ ਨੇ ਸ੍ਰੀ ਲੌਟ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਤੇ ਆਖਿਆ ਕਿ ਲੌਟ ਦੀ ਪਾਰਟੀ ਪ੍ਰਤੀ ਵੱਡੀ ਘਾਲਣਾ ਹੈ, ਲਿਹਾਜ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।