ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਗਸਤ
ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ ਉੱਪਰ ਸਰਕਾਰੀ ਖਰੀਦ ਨੂੰ ਕਾਨੂੰਨੀ ਅਧਿਕਾਰ ਬਣਾਉਣ ਦੀ ਆਪਣੀ ਮੰਗ ਨੂੰ ਮੁੜ ਦੁਹਰਾਇਆ ਹੈ। ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਲਈ ਵਰਤੇ ਜਾ ਰਹੇ ਸਾਰੇ ਹੱਥਕੰਡਿਆਂ ਨੂੰ ਰੱਦ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੀ ਇੱਕਮੁੱਠਤਾ ਤੇ ਏਕਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਮਗਰੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੇ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤਾਂ ਦੌਰਾਨ ਕਿਸਾਨੀ ਸੰਘਰਸ਼ ਕਰਕੇ ਪੰਜਾਬ ਅਤੇ ਮੁਲਕ ਦੀ ਅੰਦਰੂਨੀ ਸੁਰੱਖਿਆ ਨੂੰ ਵੱਡਾ ਖਤਰਾ ਖੜ੍ਹਾ ਹੋ ਜਾਣ ਦੇ ਜਤਾਏ ਖਦਸ਼ੇ ਦਾ ਗੰਭੀਰ ਨੋਟਿਸ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਇਸ ਬਿਆਨ ਨੂੰ ਮੰਦਭਾਗਾ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤਮਈ ਤੇ ਮਿਸਾਲੀ ਸੰਘਰਸ਼ ਨੂੰ ਬਦਨਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਕਿਸਾਨ ਸੰਘਰਸ਼ ਨੂੰ ਰਾਜਨੀਤੀ ਤੋਂ ਪ੍ਰੇਰਿਤ ਤੇ ਸਿਰਫ ਹਰਿਆਣਾ-ਪੰਜਾਬ ਦੇ ਕੁੱਝ ਕਿਸਾਨਾਂ ਦੁਆਰਾ ਗੁੰਮਰਾਹ ਹੋ ਕੇ ਕੀਤਾ ਜਾ ਰਿਹਾ ਅੰਦੋਲਨ ਦੱਸਣ ਦੇ ਬਿਆਨ ਦੀ ਨਿਖੇਧੀ ਕੀਤੀ। ਸੰਯੁਕਤ ਕਿਸਾਨ ਮੋਰਚੇ ਨੇ ਅੰਬਾਲਾ ’ਚ ਭਾਜਪਾ ਦੇ ਮੰਤਰੀ ਅਨਿਲ ਵਿੱਜ ਦੇ ਘਰ ਸਾਹਮਣੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਨਿਖੇਧੀ ਕੀਤੀ ਹੈ।
ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿਕਰੀ ਬਾਰਡਰ ’ਤੇ ਗ਼ਦਰੀ ਗੁਲਾਬ ਕੌਰ ਨਗਰ ਵਿੱਚ ਚੱਲ ਰਹੀ ਸਟੇਜ ਤੋਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਸਮਝਣ ਦੇ ਵਿੱਚ ਸਮਰੱਥ ਹੋਏ ਹਨ ਤੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਆਪਣੀ ਆਵਾਜ਼ ਨੂੰ ਬੁਲੰਦ ਕੀਤਾ।
15 ਨੂੰ ਮਜ਼ਦੂਰ-ਕਿਸਾਨ ਆਜ਼ਾਦੀ ਸੰਗਰਾਮ ਦਿਵਸ ਮਨਾਉਣ ਦਾ ਫੈ਼ਸਲਾ
ਜਮਹੂਰੀ ਕਿਸਾਨ ਸਭਾ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮਜ਼ਦੂਰ ਕਿਸਾਨ ਆਜ਼ਾਦੀ ਸੰਗਰਾਮ ਦਿਵਸ ਮਨਾਇਆ ਜਾਵੇਗਾ ਤੇ ਪੱਗੜੀ ਸੰਭਾਲ ਜੱਟਾ ਲਹਿਰ ਦੇ ਹੀਰੋ ਚਾਚਾ ਅਜੀਤ ਸਿੰਘ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਸਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਚਲਾਈ ਸੰਸਦ ਨੇ ਮੋਦੀ ਸਰਕਾਰ ਦੇ ਫੈਲਾਏ ਜਾ ਰਹੇ ਝੂਠ ਨੂੰ ਨੰਗਾ ਕੀਤਾ ਹੈ।
ਕਿਸਾਨ ਆਗੂਆਂ ਨੂੰ ਧਮਕੀਆਂ ਦੇਣ ਵਾਲੇ ਥਾਣੇਦਾਰ ਦੀ ਨਿੰਦਾ
ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਬਨੂੜ ਥਾਣੇ ਦੇ ਮੁਖੀ ਬਲਵਿੰਦਰ ਸਿੰਘ ਦੇ ਕਿਸਾਨ ਆਗੂਆਂ ਪ੍ਰਤੀ ਮਾੜੇ ਵਤੀਰੇ ਅਤੇ ਭੱਦੀ ਸ਼ਬਦਾਵਲੀ ਵਰਤਣ ਲਈ ਅਤੇ ਉਨ੍ਹਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਧਮਕੀਆਂ ਦੇਣ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਕਾਂਗਰਸੀ ਵਿਧਾਇਕ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ ਸਵਾਲ ਕਰਨ ਲਈ ਉੱਥੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਅਜਿਹੇ ਸ਼ਾਂਤਮਈ ਪ੍ਰੋਗਰਾਮ ਨੂੰ ਨਹੀਂ ਰੋਕ ਸਕਦੀ। ਉਨ੍ਹਾਂ ਮੰਗ ਕੀਤੀ ਕਿ ਐੱਸਐੱਚਓ ਦੇ ਖ਼ਿਲਾਫ਼ ਕਾਰਵਾਈ ਹੋਵੇ ਅਤੇ ਉਸ ਨੂੰ ਅਜਿਹੀ ਹਰਕਤ ਕਰਨ ਤੋਂ ਤੁਰੰਤ ਰੋਕਿਆ ਜਾਵੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਜਲਦੀ ਹੀ ਕੋਈ ਸਖ਼ਤ ਕਾਰਵਾਈ ਕਰਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।