ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 30 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਕਿ ਪਰਾਲੀ ਸਾੜਨ ਦੇ ਮਸਲੇ ਦਾ ਕੋਈ ਢੁਕਵਾਂ ਹੱਲ ਕੱਢਿਆ ਜਾਵੇ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਪੱਤਰ ਵਿੱਚ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਵੱਲੋਂ ਗੱਡੀਆਂ ਅਤੇ ਅਖ਼ਬਾਰਾਂ ਰਾਹੀਂ ਕਿਸਾਨਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਜਦਕਿ ਪਰਾਲੀ ਸਾਂਭਣ ਲਈ ਕਿਸਾਨਾਂ ਦਾ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵੱਧ ਖ਼ਰਚ ਹੋ ਜਾਂਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸੀਜ਼ਨ ਵਿੱਚ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜਿਹੜੇ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ 2500 ਰੁਪਏ ਪ੍ਰਤੀ ਏਕੜ ਵਿੱਤੀ ਮਦਦ ਦਿੱਤੀ ਜਾਵੇਗੀ, ਪਰ ਹੁਣ ਤੱਕ ਕਿਸੇ ਵੀ ਕਿਸਾਨ ਨੂੰ ਅਜਿਹੀ ਕੋਈ ਸਹਾਇਤਾ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਧਰਤੀ ਵਿੱਚ ਦੱਬ ਕੇ ਕਣਕ ਦੀ ਬਿਜਾਈ ਕੀਤੀ, ਉਨ੍ਹਾਂ ਦੀ ਕਣਕ ਦੀ ਫ਼ਸਲ ਵੀ ਖਰਾਬ ਹੋ ਗਈ ਸੀ। ਉਨ੍ਹਾਂ ਕਿਹਾ ਕਿ ਝੋਨੇ ਦਾ ਐਮਐਸਪੀ ਸਰਕਾਰ ਵੱਲੋਂ ਐਲਾਨ ਕਰਨ ਤੋਂ ਬਾਅਦ ਡੀਜ਼ਲ ਦਾ ਰੇਟ 15 ਰੁਪਏ ਲੀਟਰ ਵੱਧ ਚੱੁਕਿਆ ਹੈ ਅਤੇ ਛੋਟਾ ਕਿਸਾਨ ਉਹ ਵਾਧੂ ਹੋਇਆ ਖਰਚਾ ਅਤੇ ਹੁਣ ਪਰਾਲੀ ਸਾਂਭਣ ਦਾ ਹੋਰ ਖਰਚਾ ਕਿਸ ਤਰ੍ਹਾਂ ਬਰਦਾਸ਼ਤ ਕਰ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਇਸ ਮਸਲੇ ਦਾ ਜਲਦੀ ਅਤੇ ਢੁਕਵਾਂ ਹੱਲ ਕੱਢਿਆ ਜਾਵੇ। ਇਸ ਮੌਕੇ ਮਾਨ ਸਿੰਘ ਰਾਜਪੁਰਾ, ਬਹਾਦਰ ਸਿੰਘ ਨਿਆਮੀਆਂ, ਬਲਜੀਤ ਸਿੰਘ ਰਡਿਆਲਾ, ਜਸਵੰਤ ਸਿੰਘ ਨੰਡਿਆਲੀ, ਗੁਰਦੇਵ ਸਿੰਘ ਜਦੇਲੀ, ਤਰਲੋਚਨ ਸਿੰਘ ਨੰਡਿਆਲੀ ਹਾਜ਼ਰ ਸਨ।