ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 8 ਅਪਰੈਲ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਦੇ ਚਾਂਸਲਰ ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਚੰਡੀਗੜ੍ਹ ਵਿੱਚ ਅੱਜ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਵਜੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਪ੍ਰੋ. ਅਰਵਿੰਦ ਦੀ ਯੂਨੀਵਰਸਿਟੀ ਦੇ ਚਾਂਸਲਰ ਨਾਲ ਇਹ ਪਹਿਲੀ ਮੀਟਿੰਗ ਸੀ। ਪ੍ਰੋ. ਅਰਵਿੰਦ ਵੱਲੋਂ ਸ੍ਰੀ ਬਦਨੌਰ ਨੂੰ ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਮਾਮਲਿਆਂ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋ. ਅਰਵਿੰਦ ਨੇ ਇਸ ਰਸਮੀ ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯੂਨੀਵਰਸਿਟੀ ਦੀਆਂ ਅਕਾਦਮਿਕ ਅਤੇ ਖੋਜ ਗਤੀਵਿਧੀਆਂ ਨੂੰ ਹੋਰ ਵਧੇਰੇ ਸੁਚਾਰੂ ਰੂਪ ਨਾਲ ਚਲਾਉਣ ਲਈ ਚਾਂਸਲਰ ਸ੍ਰੀ ਬਦਨੌਰ ਵੱਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।