ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਅਪਰੈਲ
ਕੇਜਰੀਵਾਲ ਸਰਕਾਰ ਨੇ ਅੱਜ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ‘ਐਨਸੀਆਰ’ ਰਾਜਾਂ ਦੇ ਵਾਤਾਵਰਨ ਮੰਤਰੀਆਂ ਤੇ ਮਾਹਰਾਂ ਦੀ ਇੱਕ ਮੀਟਿੰਗ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨਾਲ ਲੜਨ ਖਾਤਰ ਸਾਂਝੀ ਯੋਜਨਾ ਬਣਾਉਣ ਲਈ ਸੱਦਣ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੂੰ ਇਸ ਪੱਤਰ ਲਿਖਿਆ ਤੇ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਵਿਰੁੱਧ ਲੜਾਈ ਲਈ ਤੁਰੰਤ ਮੀਟਿੰਗ ਬੁਲਾਉਣ ਦੀ ਬੇਨਤੀ ਕੀਤੀ। ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ (ਸੀਐਸਈ) ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦਿੱਲੀ ਦੇ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ 69 ਫ਼ੀਸਦ ਹਵਾ ਪ੍ਰਦੂਸ਼ਣ ਬਾਹਰੋਂ ਆਉਂਦਾ ਹੈ ਤੇ ਬਾਕੀ 31 ਫ਼ੀਸਦ ਸਥਾਨਕ ਸਰੋਤਾਂ ਤੋਂ ਹੁੰਦਾ ਹੈ। ਮੰਤਰੀ ਨੇ ਕਿਹਾ ਕਿ ਸੀਐੱਸਈ ਦੀ ਰਿਪੋਰਟ ਤੋਂ ਇਹ ਸਪੱਸ਼ਟ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਾਰੇ ਐਨਸੀਆਰ ਰਾਜਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵਾਤਾਵਰਨ ਮੰਤਰੀ ਰਾਏ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ਦੇ ਵਧਦੇ ਹਵਾ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਲਈ 14 ਨੁਕਾਤੀ ਗਰਮੀਆਂ ਦੀ ਕਾਰਜ ਯੋਜਨਾ ਬਣਾਉਣ ਲਈ ਤਿਆਰ ਹੈ। ਰਾਏ ਨੇ ਕਿਹਾ ਕਿ ਉਨ੍ਹਾਂ ਹਵਾ ਪ੍ਰਦੂਸ਼ਣ ਨਾਲ ਲੜਨ ਲਈ ਸਰਦੀਆਂ ਦੀ ਤਰ੍ਹਾਂ ਗਰਮੀਆਂ ਦੀ ਕਾਰਵਾਈ ਤਿਆਰ ਕਰਨ ਦਾ ਫੈਸਲਾ ਕੀਤਾ ਹੈ।