ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਗਸਤ
ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਕੰਟਰੈਕਟ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਨੂੰ ਭਵਿੱਖ ’ਚ ਹੋਣ ਵਾਲੀ 5994 ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਉਪਰਲੀ ਉਮਰ ਹੱਦ ਵਿੱਚ ਛੋਟ ਮਿਲੇਗੀ। ਇਹ ਛੋਟ ਸਿਰਫ਼ ਇਕੋ ਵਾਰ ਭਰਤੀ ਲਈ ਦਿੱਤੀ ਗਈ ਹੈ। ਇਸ ਦਾ ਲਾਭ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼, ਐਜੂਕੇਸ਼ਨ ਪ੍ਰੋਵਾਈਡਰਜ਼, ਐਜੂਕੇਸ਼ਨ ਵਾਲੰਟੀਅਰਜ਼, ਈਜੀਐੱਸ, ਏਆਈਈ ਅਤੇ ਐੱਸਟੀਆਰ ਵਾਲੰਟੀਅਰਜ਼ ਲੈ ਸਕਣਗੇ। ਇਨ੍ਹਾਂ ਮੁਲਾਜ਼ਮਾਂ ਨੇ ਸਿੱਖਿਆ ਵਿਭਾਗ ’ਚ ਜਿੰਨਾ ਸਮਾਂ ਸੇਵਾਵਾਂ ਦਿੱਤੀਆਂ ਹਨ, ਉਸ ਸਮੇਂ ਮੁਤਾਬਕ ਹੀ ਛੋਟ ਦਿੱਤੀ ਜਾਵੇਗੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 12 ਹਜ਼ਾਰ ਦੇ ਕਰੀਬ ਮੁਲਾਜ਼ਮ ਸਿੱਖਿਆ ਵਿਭਾਗ ਵਿੱਚ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਸਕੀਮਾਂ ਅਧੀਨ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ। ਉਹ ਸਿੱਧੀ ਭਰਤੀ ਲਈ ਤੈਅ ਉਮਰ ਹੱਦ ਪਾਰ ਕਰ ਚੁੱਕੇ ਹਨ। ਇਨ੍ਹਾਂ ਵੱਲੋਂ ਆਪਣਾ ਭਵਿੱਖ ਸੁਰੱਖਿਅਤ ਕਰਨ ਲਈ ਸਿੱਧੀ ਭਰਤੀ ’ਚ ਉਮਰ ਹੱਦ ਵਿੱਚ ਛੋਟ ਦੇਣ ਦੀ ਮੰਗ ਕੀਤੀ ਗਈ ਸੀ। ਮੁੱਖ ਮੰਤਰੀ ਨੇ ਇਨ੍ਹਾਂ ਨੂੰ ਰਾਹਤ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਕੰਟਰੈਕਟ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਹੁਣ ਭਵਿੱਖ ਵਿੱਚ ਹੋਣ ਵਾਲੀ ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਉਪਰਲੀ ਉਮਰ ਹੱਦ ਵਿਚ ਇਹ ਛੋਟ ਦੇ ਦਿੱਤੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਫ਼ੈਸਲੇ ਨਾਲ ਸਿੱਖਿਆ ਵਿਭਾਗ ’ਚ ਕੰਮ ਕਰਦੇ ਵੱਡੀ ਗਿਣਤੀ ਮੁਲਾਜ਼ਮਾਂ ਨੂੰ ਲਾਭ ਮਿਲੇਗਾ।