ਸ਼ਿਮਲਾ, 12 ਅਗਸਤ
ਮੁੱਖ ਅੰਸ਼
- ਮੁੱਖ ਮੰਤਰੀ ਜੈਰਾਮ ਠਾਕੁਰ ਵੱਲੋਂ ਮੌਕੇ ਦਾ ਦੌਰਾ
- ਰਾਜ ਵਿਧਾਨ ਸਭਾ ’ਚ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ
ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ’ਚ ਬੀਤੇ ਦਿਨ ਬੱਸ ਤੇ ਹੋਰ ਵਾਹਨ ਪਹਾੜ ਦੀ ਲਪੇਟ ’ਚ ਆਉਣ ਮਗਰੋਂ ਮਲਬੇ ਹੇਠ ਫਸੇ ਲੋਕਾਂ ਦੀ ਤਲਾਸ਼ ਤੇ ਬਚਾਅ ਲਈ ਮੁਹਿੰਮ ਅੱਜ ਸਵੇਰੇ ਮੁੜ ਸ਼ੁਰੂ ਕੀਤੀ ਗਈ। ਇਸ ਦੌਰਾਨ ਚਾਰ ਹੋਰ ਲਾਸ਼ਾਂ ਬਰਾਮਦ ਹੋਣ ਨਾਲ ਇਸ ਹਾਦਸੇ ’ਚ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਕੇ 14 ਹੋ ਗਈ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਅੱਜ ਮੌਕੇ ਦਾ ਦੌਰਾ ਕਰਕੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਰਾਜ ਆਫ਼ਤ ਪ੍ਰਬੰਧਨ ਦੇ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਐੱਨਡੀਆਰਐੱਫ, ਆਈਟੀਬੀਪੀ, ਪੁਲੀਸ ਤੇ ਹੋਮਗਾਰਡ ਦੇ ਜਵਾਨਾਂ ਵੱਲੋਂ ਸਾਂਝੇ ਤੌਰ ’ਤੇ ਬਚਾਅ ਕਾਰਜ ਸਵੇਰੇ ਛੇ ਵਜੇ ਮੁੜ ਸ਼ੁਰੂ ਕੀਤੇ ਗਏ। ਉਨ੍ਹਾਂ ਕਿਹਾ ਕਿ ਕੁਝ ਵਾਹਨਾਂ ਨਾਲ ਹੀ ਮਲਬੇ ’ਚ ਐੱਚਆਰਟੀਸੀ ਦੀ ਇੱਕ ਬੱਸ ਵੀ ਦਬ ਗਈ ਸੀ। ਉਨ੍ਹਾਂ ਦੱਸਿਆ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਹਾਲਤ ’ਚ ਮਿਲੀ ਹੈ ਜਦਕਿ ਇੱਕ ਬੋਲੈਰੋ ਗੱਡੀ ਦਾ ਹੁਣ ਤੱਕ ਪਤਾ ਨਹੀਂ ਲੱਗਿਆ। ਅਜਿਹਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਹ ਮਲਬੇ ਦੇ ਨਾਲ ਹੀ ਹੇਠਾਂ ਚਲੀ ਗਈ ਹੈ। ਕਿੰਨੌਰ ਦੇ ਡਿਪਟੀ ਕਮਿਸ਼ਨਰ ਆਬਿਦ ਹੁਸੈਨ ਸਾਦਿਕ ਨੇ ਦੱਸਿਆ ਕਿ ਬਚਾਅ ਕਾਰਜ ਸ਼ੁਰੂ ਕਰਨ ਤੋਂ ਬਾਅਦ ਘਟਨਾ ਵਾਲੀ ਥਾਂ ਤੋਂ ਚਾਰ ਹੋਰ ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 14 ਲਾਸ਼ਾਂ ਬਰਾਮਦ ਹੋਈਆਂ ਹਨ। ਅਜੇ ਕਈ ਹੋਰ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਬੀਤੇ ਦਿਨ 10 ਲਾਸ਼ਾਂ ਮਿਲੀਆਂ ਸਨ ਤੇ 13 ਜ਼ਖ਼ਮੀਆਂ ਨੂੰ ਬਚਾ ਲਿਆ ਗਿਆ ਸੀ।
ਇਸੇ ਵਿਚਾਲੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੌਕੇ ਦਾ ਦੌਰਾ ਕੀਤਾ। ਉਨ੍ਹਾਂ ਭਾਵਨਗਰ ਸਿਹਤ ਕੇਂਦਰ ਦਾ ਵੀ ਦੌਰਾ ਕੀਤਾ ਤੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਠਾਕੁਰ ਨੇ ਮ੍ਰਿਤਕਾਂ ਤੇ ਲਾਪਤਾ ਹੋਏ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਕੇ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਤੇ ਗੰਭੀਰ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਵੇਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਸ ਮੁਸਾਫ਼ਰਾਂ ਦੇ ਪਰਿਵਾਰਾਂ ਨੂੰ ਟਰਾਂਸਪੋਰਟ ਵਿਭਾਗ ਵੱਲੋਂ 1-1 ਲੱਖ ਰੁਪਏ ਦਿੱਤੇ ਜਾਣਗੇ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਇਸੇ ਦੌਰਾਨ ਰਾਜ ਵਿਧਾਨ ਸਭਾ ’ਚ ਕੁਝ ਸਮੇਂ ਲਈ ਮੌਨ ਰੱਖ ਕੇ ਇਸ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। -ਪੀਟੀਆਈ
ਰਾਸ਼ਟਰਪਤੀ ਨੇ ਰਾਜਪਾਲ ਤੇ ਮੁੱਖ ਮੰਤਰੀ ਨਾਲ ਕੀਤੀ ਗੱਲ
ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਅਰਲੇਕਰ ਤੇ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਕਿੰਨੌਰ ਹਾਦਸੇ ਬਾਰੇ ਗੱਲਬਾਤ ਕੀਤੀ ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ। ਕੋਵਿੰਦ ਨੇ ਟਵੀਟ ਕੀਤਾ, ‘ਮੈਨੂੰ ਦੱਸਿਆ ਗਿਆ ਹੈ ਕਿ ਲੋਕਾਂ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਮ੍ਰਿਤਕਾਂ ਪੀੜਤ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ ਤੇ ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।’ -ਪੀਟੀਆਈ