ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 25 ਦਸੰਬਰ
ਪੰਜਾਬ ਪੁਲੀਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੈੜ ਨੱਪਣ ਲਈ ਯਤਨ ਤੇਜ਼ ਕਰ ਦਿੱਤੇ ਹਨ ਪਰ ਹੁਣ ਤੱਕ ਅਕਾਲੀ ਆਗੂ ਪੁਲੀਸ ਦੇ ਹੱਥ ਨਹੀਂ ਲੱਗਿਆ। ਹਾਲਾਂਕਿ ਪੰਜਾਬ ਸਰਕਾਰ ਅਤੇ ਪੁਲੀਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਪਰ ਅਜੇ ਤਾਈਂ ਪੁਲੀਸ ਨੂੰ ਮਜੀਠੀਆ ਦੇ ਛੁਪਣ ਟਿਕਾਣੇ ਬਾਰੇ ਕੋਈ ਸੁਰਾਗ ਨਹੀਂ ਮਿਲਿਆ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਸੂਤਰ ਦੱਸਦੇ ਹਨ ਕਿ ਨਵੇਂ ਡੀਜੀਪੀ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਉਸੇ ਰਾਤ ਮਜੀਠੀਆ ਪੰਜਾਬ ’ਚੋਂ ਬਾਹਰ ਕਿਸੇ ਸੁਰੱਖਿਅਤ ਥਾਂ ’ਤੇ ਚਲੇ ਗਏ ਸਨ। ਕੇਸ ਦਰਜ ਹੋਣ ਮਗਰੋਂ ਜਾਂ ਪਹਿਲਾਂ ਮਜੀਠੀਆ ਕਿਹੜੇ-ਕਿਹੜੇ ਵਿਅਕਤੀਆਂ, ਸਿਆਸੀ ਆਗੂਆਂ ਜਾਂ ਅਧਿਕਾਰੀਆਂ ਦੇ ਸੰਪਰਕ ਵਿੱਚ ਰਿਹਾ ਹੈ, ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਉਂਦੇ ਦਿਨਾਂ ’ਚ ਮਜੀਠੀਆ ਦੇ ਸੰਪਰਕ ਵਿੱਚ ਰਹੇ ਵਿਅਕਤੀਆਂ ਤੇ ਨੇੜਲੇ ਸਾਥੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ।
ਕੇਸ ਕਮਜ਼ੋਰ ਕਰਨ ਲਈ ਕੇਜਰੀਵਾਲ ਨੇ ਮਜੀਠੀਆ ਤੋਂ ਮੰਗੀ ਸੀ ਮੁਆਫ਼ੀ: ਬਲਬੀਰ ਸਿੱਧੂ
ਮਜੀਠੀਆ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਵਾਂ ਆਗੂਆਂ ਵਿਚਕਾਰ ਹੋਏ ਸਮਝੌਤੇ ਤਹਿਤ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ ਤਾਂ ਜੋ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਕੇਸ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਅਦਾਲਤ ਵਿੱਚ ਦਿੱਤੇ ਮੁਆਫ਼ੀਨਾਮੇ ਨੂੰ ਹੁਣ ਮਜੀਠੀਆ ਵੱਲੋਂ ਉਸ ਵਿਰੁੱਧ ਦਰਜ ਨਸ਼ਾ ਤਸਕਰੀ ਕੇਸ ਵਿੱਚ ਅਗਾਊਂ ਜ਼ਮਾਨਤ ਲੈਣ ਲਈ ਢਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਜਰੀਵਾਲ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਆਗਾਮੀ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣਗੇ। ਵਿਧਾਇਕ ਸਿੱਧੂ ਨੇ ਕਿਹਾ ਕਿ ਦਿੱਲੀ ਦੇ ਇੱਕ ਸਿੱਖ ਆਗੂ ਨੇ ਮਜੀਠੀਆ ਅਤੇ ਕੇਜਰੀਵਾਲ ਵਿਚਕਾਰ ਸਮਝੌਤਾ ਕਰਵਾਇਆ ਸੀ, ਜਿਸ ਤਹਿਤ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਵਿੱਚ ਕੇਜਰੀਵਾਲ ਦਾ ਬਿਨਾਂ ਕੋਈ ਪੈਸਾ ਲਾਇਆਂ 50 ਫੀਸਦੀ ਹਿੱਸਾ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਿਰਫ਼ ਇੰਡੋ-ਕੈਨੇਡੀਅਨ ਬੱਸਾਂ ਨੂੰ ਹੀ ਪੰਜਾਬ ਤੋਂ ਕੌਮਾਂਤਰੀ ਹਵਾਈ ਅੱਡਾ ਦਿੱਲੀ ਤੱਕ ਸਵਾਰੀਆਂ ਚੁੱਕਣ ਅਤੇ ਲਾਹੁਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਕਈ ਸਾਲਾਂ ਤੋਂ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਦੇਣ ਲਈ ਲਿਖੀਆਂ ਚਿੱਠੀਆਂ ਦਾ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਸਾਹਮਣੇ ਧਰਨਾ ਲਾਉਣਾ ਪਿਆ।