ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਕਤੂਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਹਾਲ ਹੀ ਵਿੱਚ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ ਹੋਈ ਹੈ ਅਤੇ ਨਾਲੋ-ਨਾਲ ਝੋਨੇ ਦੀ ਖਰੀਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕੁੱਲ 5 ਲੱਖ 8 ਹਜ਼ਾਰ 620 ਮੀਟਿਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 4 ਲੱਖ 92,676 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 96.8 ਫੀਸਦੀ ਬਣਦੀ ਹੈ। ਸਰਕਾਰੀ ਖਰੀਦ ਏਜੰਸੀਆਂ ’ਚੋਂ ਪਨਗ੍ਰੇਨ ਨੇ ਹੁਣ ਤੱਕ 2,03,567 ਮੀਟਿਰਕ ਟਨ, ਮਾਰਕਫੈੱਡ ਨੇ 1,34,645 ਮੀਟਿਰਕ ਟਨ, ਪਨਸਪ ਨੇ 1,01,970 ਮੀਟਿਰਕ ਟਨ ਅਤੇ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 52,439 ਮੀਟਿਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦੀ ਗਈ ਫ਼ਸਲ ਵਿਚੋਂ 708.51 ਕਰੋੜ ਤੋਂ ਵਧੇਰੇ ਦੀ ਅਦਾਇਗੀ ਕੀਤੀ ਗਈ ਹੈ।
ਡੀਸੀ ਅਨੁਸਾਰ ਪੰਜਾਬ ਸਰਕਾਰ ਦੇ ਝੋਨੇ ਦੀ ਖਰੀਦ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਗਈਆਂ ਹਨ ਕਿ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਮਾਂਬੱਧ ਤਰੀਕੇ ਨਾਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਆਉਂਦੇ ਸਾਰ ਹੀ ਫਸਲ ਦੀ ਖਰੀਦ ਹੋ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਵਾਤਾਵਰਨ ਦੀ ਸੰਭਾਲ ਵਿੱਚ ਕਿਸਾਨ ਆਪਣਾ ਅਹਿਮ ਯੋਗਦਾਨ ਪਾਉਣ।
ਭਵਾਨੀਗੜ੍ਹ: ਪਿਛਲੇ ਸੀਜ਼ਨ ਦੇ ਮੁਕਾਬਲੇ ਝੋਨੇ ਦੀ ਆਮਦ ਘਟੀ
ਭਵਾਨੀਗੜ੍ਹ (ਪੱਤਰ ਪ੍ਰੇਰਕ): ਅਨਾਜ ਮੰਡੀ ਭਵਾਨੀਗੜ੍ਹ ਅਤੇ ਬਲਾਕ ਦੇ 17 ਖਰੀਦ ਕੇਦਰਾਂ ਵਿੱਚ ਹੁਣ ਤੱਕ 7 ਲੱਖ 19 ਹਜ਼ਾਰ 950 ਕੁਇੰਟਲ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 24 ਹਜ਼ਾਰ 600 ਕੁਇੰਟਲ ਝੋਨਾ ਵਿਕਣ ਦੀ ਉਡੀਕ ਵਿੱਚ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਸੀਜ਼ਨ ਦੇ ਮੁਕਾਬਲੇ ਹੁਣ ਤੱਕ ਸਿਰਫ 38 ਫੀਸਦੀ ਝੋਨੇ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ 5 ਲੱਖ 44 ਹਜ਼ਾਰ 300 ਕੁਇੰਟਲ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।