ਹਰਪ੍ਰੀਤ ਕੌਰ
ਹੁਸ਼ਿਆਰਪੁਰ, 24 ਦਸੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਬਾਹਾ ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ਿਆਂ ਕਾਰਨ ਆਪਣੇ ਪੁੱਤ ਗੁਆਏ ਹਨ, ਉਹ ਇਸ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਮਾਫ਼ ਨਹੀਂ ਕਰਨਗੇ। ਇਸ ਮੌਕੇ ਉਨ੍ਹਾਂ ਨੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਜਨੌੜੀ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ, ਇਲਾਕੇ ਵਿਚ ਸਟੇਡੀਅਮ ਬਣਾਉਣ ਅਤੇ ਹਰਿਆਣਾ ਦੇ ਰਾਮਲੀਲਾ ਗਰਾਊਂਡ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਪਵਨ ਕੁਮਾਰ ਆਦੀਆ, ਸੁੰਦਰ ਸ਼ਾਮ ਅਰੋੜਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ ਕੁਲਵੰਤ ਸਿੰਘ ਹੀਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ ਆਦਿ ਮੌਜੂਦ ਸਨ।