ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਸਤੰਬਰ
ਬੀਤੇ 38 ਦਿਨਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਵਿਚ ਪੱਕਾ ਮੋਰਚਾ ਲਗਾਈਂ ਬੈਠੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਸੂਬਾਈ ਵਫਦ ਦੀ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਹੋਈ। ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਅਮਨਦੀਪ ਕੰਬੋਜ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਕਿ 22 ਅਗਸਤ ਤੋਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਸੰਗਰੂਰ ’ਚ ਪੱਕੇ ਮੋਰਚੇ ’ਤੇ ਬੈਠੇ ਹਨ ਜੋ ਕਿ ਪੰਜ ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਇੱਕ ਹਫ਼ਤੇ ਮਗਰੋਂ ਮੰਗਾਂ ਨੂੰ ਹੱਲ ਕੀਤਾ ਜਾਵੇਗਾ।