ਪੱਤਰ ਪ੍ਰੇਰਕ
ਬਠਿੰਡਾ, 5 ਅਗਸਤ
ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ ਭਰ ’ਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੀਤੇ ਗਏ ਹੱਲਾ ਬੋਲ ਪ੍ਰਦਰਸ਼ਨਾਂ ਅਤੇ ਡੀਸੀ ਦਫ਼ਤਰਾਂ ਅੱਗੇ ਦਿੱਤੇ ਗਏ ਧਰਨਿਆਂ ਤਹਿਤ ਅੱਜ ਇੱਥੇ ਵੀ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅਤੇ ਸ਼ਹਿਰੀ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ, ਬਲਾਕ ਪ੍ਰਧਾਨ, ਕੌਂਸਲਰ, ਵਾਰਡ ਇੰਚਾਰਜ ਅਤੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਰੁਣ ਜੀਤਮੱਲ, ਅਸ਼ੋਕ ਕੁਮਾਰ ਤੇ ਰਾਜਨ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰ ਕੇ ਮਹਿੰਗਾਈ ਦਿਨੋਂ-ਦਿਨ ਵਧ ਰਹੀ ਹੈ ਜਿਸ ਕਰ ਕੇ ਲੋਕ ਪ੍ਰੇਸ਼ਾਨ ਹਨ ਤੇ ਇਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਵਸਤੂ ਉੱਤੇ ਗੱਬਰ ਟੈਕਸ ਲਾਇਆ ਜਾ ਰਿਹਾ ਹੈ ਜਿਸ ਕਰ ਕੇ ਲੋਕ ਰੋਟੀ ਤੋਂ ਵੀ ਮੁਹਤਾਜ ਹੋ ਰਹੇ ਹਨ।
ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਅਵਤਾਰ ਸਿੰਘ ਗੋਨਿਆਣਾ, ਤੇਜਾ ਸਿੰਘ ਦੰਦੀਵਾਲ ਤੇ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਛੇ ਦਿਨ ਲਿਆਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਸਰਕਾਰ ਦੇ ਅੱਛੇ ਦਿਨਾਂ ਨੇ ਲੋਕਾਂ ਨੂੰ ਮਾੜੇ ਹਾਲਾਤ ਦਿਖਾ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਨੂੰ ਨੱਥ ਪਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਪ੍ਰੈੱਸ ਸਕੱਤਰ ਰੁਪਿੰਦਰ ਬਿੰਦਰਾ, ਬਲਾਕ ਪ੍ਰਧਾਨ ਹਰਵਿੰਦਰ ਲੱਡੂ ਤੇ ਬਲਜਿੰਦਰ ਠੇਕੇਦਾਰ ਸਮੇਤ ਕਾਂਗਰਸੀ ਆਗੂਆਂ ਨੇ ਵੀ ਸੰਬੋਧਨ ਕੀਤਾ।
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਜ਼ਿਲ੍ਹਾ ਕਚਹਿਰੀਆਂ ਵਿੱਚ ਅੱਜ ਮੀਂਹ ’ਚ ਹੀ ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਗਾਗੋਵਾਲ ਅਤੇ ਕਾਰਜਕਾਰੀ ਪ੍ਰਧਾਨ ਕਰਮ ਸਿੰਘ ਚੌਹਾਨ ਤੇ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਦੇਸ਼ ਭਰ ’ਚ ਮਹਿੰਗਾਈ ਆਪਣੀਆਂ ਹੱਦਾਂ ਪਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਚੀਜ਼ਾਂ ਵੀ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਘੱਟ ਹਨ, ਪਰ ਭਾਰਤ ਵਿੱਚ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੇ ਭਾਅ ਅਸਮਾਨ ਛੂਹ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦਾ ਰਹਿਣਾ ਮੁਸ਼ਕਲ ਹੋਇਆ ਪਿਆ ਹੈ। ਇਸ ਮੌਕੇ ਤਰਜੀਤ ਸਿੰਘ ਚਹਿਲ, ਸੁਖਦਰਸ਼ਨ ਸਿੰਘ ਖਾਰਾ, ਸੰਧੂਰਾ ਸਿੰਘ ਮੀਆਂ ਅਤੇ ਖੇਮ ਸਿੰਘ ਜਟਾਣਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।