ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 17 ਫ਼ਰਵਰੀ
ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਕੁਮਾਰ ਗੁਪਤਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਦਾ ਐਲਾਨ ਕੀਤਾ ਹੈ। ਪ੍ਰਵੀਨ ਕੁਮਾਰ ਗੁਪਤਾ ਨੇ ਕਿਹਾ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਅਜੈ ਪਾਲ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜੋ ਕੋਟਕਪੂਰਾ ਦਾ ਹੀ ਵਸਨੀਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚਾਰ ਦਹਾਕਿਆਂ ਬਾਅਦ ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਸਥਾਨਕ ਉਮੀਦਵਾਰ ਨੂੰ ਟਿਕਟ ਦਿੱਤੀ ਹੈ ਅਤੇ ਹੁਣ ਉਹ ਹਲਕੇ ਦੀ ਬਿਹਤਰੀ ਲਈ ਅਜੈ ਪਾਲ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਕਾਂਗਰਸੀ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੇ ਪ੍ਰਵੀਨ ਕੁਮਾਰ ਗੁਪਤਾ ਅਤੇ ਉਸ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਕੋਟਕਪੂਰਾ ਦੇ ਸਥਾਨਕ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਵੀਨ ਕੁਮਾਰ ਗੁਪਤਾ ਦੀ ਹਮਾਇਤ ਕਾਰਨ ਕਾਂਗਰਸ ਨੂੰ ਵੱਡਾ ਲਾਭ ਹੋਵੇਗਾ।