ਆਤਿਸ਼ ਗੁਪਤਾ
ਚੰਡੀਗੜ੍ਹ, 11 ਅਗਸਤ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਪ੍ਰਦਰਸ਼ਨਕਾਰੀਆਂ ਦੀ ਹੌਸਲਾ ਅਫਜ਼ਾਈ ਲਈ ਬੁੱਧਵਾਰ ਦੇਰ ਰਾਤ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਚੰਡੀਗੜ੍ਹ ਪਹੁੰਚੇ। ਉਨ੍ਹਾਂ ਪਹਿਲਾਂ ਮਟਕਾ ਚੌਕ ਵਿੱਚ ਪੱਕਾ ਮੋਰਚਾ ਲਾਈ ਬੈਠੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ। ਉਸ ਉਪਰੰਤ ਸੈਕਟਰ-37/38 ਦੀਆਂ ਲਾਈਟਾਂ ’ਤੇ ਮਹਿਲਾ ਕਿਸਾਨ ਆਗੂਆਂ ਵੱਲੋਂ ਮਨਾਏ ਜਾ ਰਹੇ ਤੀਆਂ ਦੇ ਤਿਉਹਾਰ ਵਿੱਚ ਹਿੱਸਾ ਲਿਆ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਲੱਗੀ ਰਹੀ। ਸ੍ਰੀ ਟਿਕੈਤ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਜਿਹੜੇ ਲੋਕ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ, ਉਹ ਚੰਡੀਗੜ੍ਹ ਦੇ ਮੁੱਖ ਚੌਕਾਂ ਵਿੱਚ ਸ਼ਾਂਤਮਈ ਢੰਗ ਨਾਲ ਚੱਲ ਰਹੇ ਅੰਦੋਲਨ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਇਆ ਸੰਘਰਸ਼ ਅੱਜ ਜਨ ਅੰਦੋਲਨ ਦਾ ਰੂਪ ਧਾਰ ਚੁੱਕਿਆ ਹੈ। ਸ੍ਰੀ ਟਿਕੈਤ ਨੇ ਕਿਹਾ ਕਿ ਦੇਸ਼ ਵਿੱਚ ਪੁਲੀਸ ਅਤੇ ਫੌਜ ਦੇ ਜਵਾਨਾਂ ਦੀ ਡਿਊਟੀ ਬਹੁਤ ਸਖ਼ਤ ਹੈ, ਪਰ ਲੋੜ ਨਾਲੋਂ ਘੱਟ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਸਟੇਬਲ ਰੈਂਕ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਦੇ ਬਰਾਬਰ ਕਰਵਾਉਣ ਲਈ ਵੀ ਕਿਸਾਨ ਲੜਾਈ ਲੜੇਗਾ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਗੂਗਲ ਮੈਪ ਵਿੱਚ ਮਟਕਾ ਚੌਕ ਦਾ ਨਾਮ ਬਾਬਾ ਲਾਭ ਸਿੰਘ ਚੌਕ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਲੋਕ ਵਿਰੋਧੀ ਸਰਕਾਰ ਵਿਰੁੱਧ ਅੰਦੋਲਨ ਲੰਬਾ ਚੱਲੇਗਾ ਅਤੇ ਮਟਕਾ ਚੌਕ ਵਿੱਚ ਬਾਬਾ ਲਾਭ ਸਿੰਘ ਦਾ ਬੁੱਤ ਵੀ ਲਗਾਇਆ ਜਾਵੇਗਾ। ਅੰਦੋਲਨ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੇ ਇਕੱਠ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਦੋਲਨ ਚੱਲ ਰਿਹਾ ਹੈ ਲੋਕ ਸੁਖਨਾ ਝੀਲ ਜਾਂ ਹੋਰ ਘੁੰਮਣ ਵਾਲੀਆਂ ਥਾਵਾਂ ’ਤੇ ਜਾਣ ਦੀ ਥਾਂ ਚੌਕਾਂ ਵਿੱਚ ਚੱਲ ਰਹੇ ਅੰਦੋਲਨ ਵਿੱਚ ਸ਼ਮੂਲੀਅਤ ਕਰਨ। ਸ੍ਰੀ ਟਿਕੈਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ 15 ਅਗਸਤ ਨੂੰ ਅੰਦੋਲਨ ਵਾਲੀਆਂ ਥਾਵਾਂ ’ਤੇ ਤਿਰੰਗਾ ਝੰਡਾ ਲਹਿਰਾਇਆ ਜਾਵੇ। ਇਸ ਦੇ ਨਾਲ ਹੀ ਵਾਹਨਾਂ ’ਤੇ ਤਿਰੰਗਾ ਝੰਡਾ ਅਤੇ ਕਿਸਾਨੀ ਦਾ ਝੰਡਾ ਲਗਾ ਕੇ ਆਵਾਜ਼ ਬੁਲੰਦ ਕੀਤੀ ਜਾਵੇ।