ਪੱਤਰ ਪ੍ਰੇਰਕ
ਤਰਨ ਤਾਰਨ, 26 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੇ ਜ਼ਿਲ੍ਹਾ ਪੱਧਰ ਦੇ ਸੀਨੀਅਰ ਆਗੂਆਂ ਦੀ ਅੱਜ ਇਥੇ ਕੀਤੀ ਗਈ ਇਕ ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਡਿਊਟੀਆਂ ਲਗਾਈਆਂ ਗਈਆਂ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਦੀ ਅਗਵਾਈ ਹੇਠ ਕੀਤੀ ਗਈ ਇਸ ਮੀਟਿੰਗ ਨੂੰ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਤੋਂ ਇਲਾਵਾ ਪਾਰਟੀ ਦੇ ਆਗੂ ਰਾਜਿੰਦਰ ਸਿੰਘ ਉਸਮਾ, ਸੰਦੀਪ ਸਿੰਘ ਪਲਾਸੌਰ, ਸ਼ੇਰ ਸਿੰਘ ਗਿੱਲ, ਹਰਪ੍ਰੀਤ ਸਿੰਘ ਸੰਧੂ ਨੇ ਸੰਬੋਧਨ ਕੀਤਾ। ਆਗੂਆਂ ਨੇ ਦਾਅਵਾ ਕੀਤਾ ਕਿ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ| ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਆਗੂਆਂ ਦੀਆਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਵੱਖ-ਵੱਖ ਹਲਕਿਆਂ ਲਈ ਡਿਊਟੀਆਂ ਲਗਾਈਆਂ।