ਜੋਗਿੰਦਰ ਸਿੰਘ ਮਾਨ
ਮਾਨਸਾ, 20 ਜਨਵਰੀ
ਪੰਜਾਬ ਵਿੱਚ ਬੀਤੇ ਦਿਨੀਂ ਪਏ ਮੀਂਹ ਤੋਂ ਬਾਅਦ ਅੱਜ ਸਾਰਾ ਦਿਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਅਤੇ ਕਈ ਥਾਵਾਂ ’ਤੇ ਅੱਜ ਵੀ ਕਣੀਆਂ ਪਈਆਂ ਜਿਸ ਨਾਲ ਸਾਰਾ ਦਿਨ ਕੜਾਕੇ ਦੀ ਠੰਢ ਪੈਂਦੀ ਰਹੀ। ਕਈ ਇਲਾਕਿਆਂ ਵਿਚ ਸੰਘਣੀ ਧੁੰਦ ਵੀ ਪਈ। ਮਾਲਵਾ ਖੇਤਰ ਦੇ ਕਿਸੇ ਵੀ ਹਿੱਸੇ ਵਿੱਚ ਅੱਜ ਸੂਰਜ ਦੇ ਦਰਸ਼ਨ ਨਹੀਂ ਹੋਏ।
ਮੌਸਮ ਵਿਭਾਗ ਤੋਂ ਮਿਲੀ ਸੂਚਨਾ ਮੁਤਾਬਕ ਭਲਕੇ 21 ਤੇ ਪਰਸੋਂ 22 ਜਨਵਰੀ ਨੂੰ ਮਾਲਵਾ ਖੇਤਰ ਵਿੱਚ ਹਲਕੇ ਅਤੇ ਦਰਮਿਆਨੇ ਮੀਂਹ ਪੈਣ ਦੇ ਆਸਾਰ ਬਣ ਗਏ ਹਨ। ਇਸੇ ਦੌਰਾਨ ਤੇਜ਼ ਹਵਾਵਾਂ ਦੇ ਨਾਲ-ਨਾਲ ਝੱਖੜ ਵਰਗੀ ਸਥਿਤੀ ਵੀ ਕਈ ਥਾਵਾਂ ’ਤੇ ਵੇਖਣ ਨੂੰ ਮਿਲ ਸਕਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਮਿਲੀ ਇੱਕ ਸੂਚਨਾ ਮੁਤਾਬਕ ਮਾਲਵਾ ਖੇਤਰ ਵਿੱਚ 21 ਤੋਂ 24 ਜਨਵਰੀ ਤੱਕ ਮੌਸਮ ਖ਼ਰਾਬ ਰਹਿ ਸਕਦਾ ਹੈ ਅਤੇ ਤਾਪਮਾਨ ਵਿੱਚ ਹੋਰ ਭਾਰੀ ਗਿਰਾਵਟ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਵੱਲੋਂ ਮਿਲੀ ਸੂਚਨਾ ਮੁਤਾਬਕ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਕਾਰਨ ਹੁਣ ਮਾਲਵਾ ਖੇਤਰ ਦੇ ਮੈਦਾਨੀ ਇਲਾਕਿਆਂ ਵਿੱਚ 24 ਜਨਵਰੀ ਤੱਕ ਮੀਂਹ, ਗੜੇਮਾਰੀ ਸਮੇਤ ਕੋਹਰਾ ਪੈਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਤਾਪਮਾਨ 8.4 ਤੋਂ 15.6 ਅਤੇ ਘੱਟ ਤੋਂ ਘੱਟ ਤਾਪਮਾਨ 7.4 ਤੋਂ 10.1 ਡਿਗਰੀ ਸੈਲਸੀਅਸ ਰਹਿਣ ਦੀ ਆਸ ਹੈ, ਜਦੋਂ ਕਿ ਹਵਾ ਵਿੱਚ ਨਮੀ ਦੀ ਮਾਤਾ 97.47 ਫ਼ੀਸਦ ਅਤੇ ਹਵਾ ਦੀ ਰਫ਼ਤਾਰ 5 ਤੋਂ 17 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ, ਅੱਜ ਸਵੇਰ ਤੋਂ ਹੀ ਬੱਦਲਵਾਈ ਦੇ ਨਾਲ ਪੰਜਾਬ ਦੇ ਬਹੁਤੇ ਖੇਤਰਾਂ ਵਚਿ ਕਿਣ-ਮਿਣ ਅਤੇ ਹਲਕੀਆਂ ਫੁਹਾਰਾਂ ਪਈਆਂ ਜੋ ਕਿ ਹਿਮਾਚਲ ਨਾਲ ਲੱਗਦੇ ਖੇਤਰਾਂ ਵਿਚ ਅਜੇ ਵੀ ਜਾਰੀ ਹਨ। ਅਗਲੇ 24 ਘੰਟਿਆਂ ਦੌਰਾਨ ਇੱਕ ਅੱਧੀ ਵਾਰ ਹੋਰ ਹਲਕੀਆਂ ਫੁਹਾਰਾਂ ਦੀ ਆਸ ਰਹੇਗੀ। ਇਸੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ.ਐੱਸ. ਰੋਮਾਣਾ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਕਾਰਨ ਪਾਣੀ ਨਾ ਲਾਉਣ ਦੇ ਨਾਲ-ਨਾਲ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ।