ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਪਰੈਲ
ਸੰਗਰੂਰ ਦੇ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਉਹ ਹਰ ਮਹੀਨੇ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਉਨ੍ਹਾਂ ਲੋੜਵੰਦ ਬੱਚੀਆਂ ਨੂੰ ਆਪਣੀ ਜੇਬ ’ਚੋਂ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ, ਜਿਨ੍ਹਾਂ ਦੇ ਪਿਤਾ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਗਏ। ਬਤੌਰ ਐੱਸਐੱਸਪੀ ਅਹੁਦਾ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਖੁਦਕੁਸ਼ੀ ਕਰਨਾ ਬਹੁਤ ਮਾੜੀ ਗੱਲ ਹੈ ਅਤੇ ਇਸ ਨੂੰ ਸਮਾਜਿਕ ਬੁਰਾਈ ਨੂੰ ਰੋਕਣ ਲਈ ਪਹਿਲਕਦਮੀ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਕਰਨ ਵਾਲਾ ਖੁਦ ਤਾਂ ਸਮੱਸਿਆਵਾਂ ਤੋਂ ਮੁਕਤ ਹੋ ਜਾਂਦਾ ਹੈ ਪਰ ਆਪਣੇ ਪਿਛਲਿਆਂ ਨੂੰ ਮਾੜੇ ਹਾਲਾਤਾਂ ਵਿੱਚ ਛੱਡ ਜਾਂਦਾ ਹੈ। ਸਿੱਧੂ ਨੇ ਐਲਾਨ ਕੀਤਾ ਕਿ ਸੰਗਰੂਰ ਦੇ ਐੱਸਐੱਸਪੀ ਵਜੋਂ ਮਿਲਣ ਵਾਲੀ ਪਹਿਲੀ ਤਨਖਾਹ ਵਿੱਚੋਂ ਉਹ 51 ਹਜ਼ਾਰ ਰੁਪਏ ਅਤੇ ਫਿਰ ਸੰਗਰੂਰ ’ਚ ਪੋਸਟਿੰਗ ਤੱਕ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 21 ਹਜ਼ਾਰ ਰੁਪਏ ਉਹ ਅਜਿਹੀਆਂ ਲੋੜਵੰਦ ਬੱਚੀਆਂ ਨੂੰ ਦੇਣਗੇ, ਜੋ ਖੁਦਕੁਸ਼ੀ ਪੀੜਤ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਵਿਦਿਅਕ ਪੱਧਰ ’ਤੇ ਹੋਣਹਾਰ ਹੋਣ ਦੇ ਬਾਵਜੂਦ ਆਰਥਿਕ ਤੰਗੀਆਂ ਕਾਰਨ ਅੱਗੇ ਨਹੀਂ ਵਧ ਪਾ ਰਹੀਆਂ।