ਮੁੰਬਈ, 3 ਸਤੰਬਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵੱਲੋਂ ਸ਼ੁੱਕਰਵਾਰ ਨੂੰ ਸੱਦੀ ਸਰਬਪਾਰਟੀ ਮੀਟਿੰਗ ਵਿੱਚ, ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਓਬੀਸੀ ਦੇ ਅੰਕੜੇ ਇਕੱਠੇ ਕੀਤੇ ਜਾਣ ਤੱਕ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਮੀਟਿੰਗ ਮਗਰੋਂ ਮੁੱਖ ਮੰਤਰੀ ਦਫਤਰ (ਸੀਐੱਮਓ) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਜ ਵਿੱਚ ਸਥਾਨਕ ਸੰਸਥਾਵਾਂ ਵਿੱਚ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਲਈ ਰਾਜਨੀਤਕ ਰਾਖਵਾਂਕਰਨ ਬਹਾਲ ਕਰਨ ਲਈ ਅੰਕੜਿਆਂ ਦੀ ਜ਼ਰੂਰਤ ਹੋਵੇਗੀ। ਬਿਆਨ ਮੁਤਾਬਕ ਮਹਾਰਾਸ਼ਟਰ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐੱਮਐੱਸਬੀਸੀਸੀ) ਨੂੰ ਓਬੀਸੀ ਦੇ ਅੰਕੜੇ ਇਕੱਠੇ ਕਰਨ ਅਤੇ ਕੰਮ ਮੁਕੰਮਲ ਹੋਣ ਤੱਕ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਨਿਰਦੇਸ਼ ਦੇਣ ਲਈ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਹੈ। ਸੀਐੱਮਓ ਨੇ ਕਿਹਾ ਕਿ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਜਾਣਗੇ ਕਿ ਡਾਟਾ ਇਕੱਠਾ ਕਰਨ ਦਾ ਕੰਮ ਛੇਤੀ ਤੋਂ ਛੇਤੀ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਸਾਲ ਦੇ ਸ਼ੁਰੂ ਵਿੱਚ ਮਹਾਰਾਸ਼ਟਰ ਵਿੱਚ ਸਥਾਨਕ ਸੰਸਥਾਵਾਂ ਲਈ ਓਬੀਸੀ ਦੇ ਰਾਖਵੇਂਕਰਨ ਨੂੰ ਰੱਦ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਕੁੱਲ ਰਾਖਵਾਂਕਰਨ 50 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣਾ ਚਾਹੀਦਾ। -ਪੀਟੀਆਈ