ਦਰਸ਼ਨ ਸਿੰਘ ਸੋਢੀ
ਮੁਹਾਲੀ, 13 ਜੁਲਾਈ
ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਇੱਥੇ ਸਿੱਖਿਆ ਭਵਨ ਵਿਖੇ ਡਾਇਰੈਕਟਰ ਜਨਰਲ ਆਫ਼ ਸਕੂਲ ਸਿੱਖਿਆ (ਡੀਜੀਐੱਸਈ) ਦੇ ਅਹੁਦਾ ਸੰਭਾਲ ਲਿਆ ਹੈ। ਇਸ ਨਾਲ ਹੀ ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵੀ ਵਾਧੂ ਕਾਰਜਭਾਰ ਸੰਭਾਲਿਆ। ਉਹ ਸਾਲ 2009 ਬੈਚ ਦੇ ਆਈਏਐੱਸ ਹਨ। ਇਸ ਤੋਂ ਪਹਿਲਾਂ ਉਹ ਇਨਵੈਸਟਮੈਂਟ ਪ੍ਰਮੋਸ਼ਨਜ਼ ਵਿਭਾਗ ਦੇ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਵਜੋਂ ਤਾਇਨਾਤ ਸਨ, ਜਦੋਂਕਿ ਪਹਿਲੇ ਡੀਜੀਐਸਈ ਮੁਹੰਮਦ ਤਈਅਬ ਦੀ ਵਿੱਤ ਵਿਭਾਗ ਵਿੱਚ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਰਾਸ਼ਟਰੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੂਰੇ ਭਾਰਤ ’ਚੋਂ ਪੰਜਾਬ ਦੇ ਪਹਿਲੇ ਸਥਾਨ ’ਤੇ ਆਉਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ।