ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਅਗਸਤ
ਪਲਾਸਟਿਕ ਮਰਚੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਆਪ ਵਿਧਾਇਕਾਂ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਸਰਕਾਰ ਵੱਲੋਂ 75 ਮਾਈਕਰੋਨ ਤੋਂ ਉਪਰ ਰੀ-ਸਾਈਕਲ ਕੀਤੇ ਜਾਣ ਵਾਲੇ ਕੈਰੀ ਬੈਗਾਂ ’ਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਕਟਾਰੀਆ, ਚੇਅਰਮੈਨ ਸੁਨੀਲ ਕਟਾਰੀਆ ਅਤੇ ਜਨਰਲ ਸਕੱਤਰ ਪੁਨੀਤ ਮਖੀਜਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਗੋਗੀ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਦਿੱਤੇ ਮੰਗ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੱਕ ਪਹੁੰਚ ਕਰ ਕੇ ਡੁੱਬ ਰਹੀ ਪਲਾਸਟਿਕ ਇੰਡਸਟਰੀ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਉਣ। ਤਿੰਨਾਂ ਵਿਧਾਇਕਾਂ ਨੇ ਪਲਾਸਟਿਕ ਵਪਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੀਟਿੰਗ ਕਰਵਾਉਣਗੇ।